ਵੱਡੀ ਖ਼ਬਰ: ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਐਕਟ ‘ਚ ਵੱਡੀ ਤਬਦੀਲੀ ਦੀ ਤਿਆਰੀ, ਸਰਕਾਰ ਕਰੇਗੀ 70 ਸਾਲ ਪੁਰਾਣਾ ਕਾਨੂੰਨ ਰੱਦ!
‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਸਾਹਿਬ ਐਕਟ 1956’ ਦੀ ਥਾਂ ਹੁਣ ‘ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ’ ਲਵੇਗਾ
ਮੁੰਬਈ, 24 ਜੂਨ 2026- ਮਹਾਰਾਸ਼ਟਰ ਸਰਕਾਰ ਨੇ ਸਿੱਖ ਕੌਮ ਦੇ ਚੌਥੇ ਤਖ਼ਤ, ‘ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ’ ਦੇ ਪ੍ਰਬੰਧਨ ਢਾਂਚੇ ਵਿੱਚ ਇੱਕ ਇਤਿਹਾਸਕ ਅਤੇ ਵੱਡੀ ਤਬਦੀਲੀ ਕਰਨ ਦੀ ਤਿਆਰੀ ਮੁਕੰਮਲ ਕਰ ਲਈ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਹੇਠ ਹੋਈ ਸੂਬਾਈ ਵਜ਼ਾਰਤ (ਕੈਬਨਿਟ) ਦੀ ਬੈਠਕ ਵਿੱਚ ਸੋਮਵਾਰ ਨੂੰ ਸੱਤ ਦਹਾਕੇ ਪੁਰਾਣੇ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਸਾਹਿਬ ਐਕਟ 1956’ ਨੂੰ ਰੱਦ ਕਰਨ ਦੀ ਤਜਵੀਜ਼ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।
ਇਸ ਨਵੇਂ ਫੈਸਲੇ ਤਹਿਤ ਹੁਣ ਮੌਜੂਦਾ ਐਕਟ ਦੀ ਥਾਂ ‘ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ’ ਸਿਰਲੇਖ ਵਾਲਾ ਨਵਾਂ ਕਾਨੂੰਨ ਲਾਗੂ ਕੀਤਾ ਜਾਵੇਗਾ। ਸਰਕਾਰ ਦੀ ਇਸ ਪੇਸ਼ਕਦਮੀ ਨਾਲ ਨਾਂਦੇੜ ਸਥਿਤ ਤਖ਼ਤ ਸਾਹਿਬ ਦੇ ਰੋਜ਼ਾਨਾ ਦੇ ਕੰਮਕਾਜ, ਪ੍ਰਬੰਧਕੀ ਚੌਖਟੇ ਅਤੇ ਕਾਨੂੰਨੀ ਨਿਯਮਾਂ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਜ਼ਿਕਰਯੋਗ ਹੈ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਜੁੜੇ ਹੋਣ ਕਰਕੇ ਇਸ ਪਵਿੱਤਰ ਤਖ਼ਤ ਦੀ ਸਿੱਖ ਜਗਤ ਵਿੱਚ ਬਹੁਤ ਵੱਡੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਹੈ।
ਕੈਬਨਿਟ ਵੱਲੋਂ ਨਵੇਂ ਕਾਨੂੰਨ ਦੇ ਖਰੜੇ (ਡਰਾਫਟ) ਨੂੰ ਪ੍ਰਵਾਨਗੀ ਮਿਲਣ ਤੋਂ ਬਾਅਦ ਹੁਣ ਇਸ ਨੂੰ ਅੰਤਿਮ ਰੂਪ ਦੇਣ ਲਈ ਕਾਨੂੰਨ ਅਤੇ ਨਿਆਂ ਵਿਭਾਗ ਨਾਲ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ। ਇਸ ਪ੍ਰਕਿਰਿਆ ਤੋਂ ਬਾਅਦ, ਆਉਣ ਵਾਲੇ ਮੌਨਸੂਨ ਸੈਸ਼ਨ ਦੌਰਾਨ ਇਸ ਬਿੱਲ ਨੂੰ ਮਹਾਰਾਸ਼ਟਰ ਅਸੈਂਬਲੀ (ਵਿਧਾਨ ਸਭਾ) ਵਿੱਚ ਪੇਸ਼ ਕੀਤਾ ਜਾਵੇਗਾ।
ਸਰਕਾਰੀ ਸੂਤਰਾਂ ਅਨੁਸਾਰ, ਵਿਧਾਨ ਸਭਾ ਤੋਂ ਹਰੀ ਝੰਡੀ ਮਿਲਣ ਮਗਰੋਂ ਗੁਰਦੁਆਰਾ ਬੋਰਡ ਦੇ ਪ੍ਰਸ਼ਾਸਨਿਕ ਕੰਮਾਂ, ਚੋਣ ਪ੍ਰਕਿਰਿਆ ਅਤੇ ਉਪ-ਨਿਯਮਾਂ (By-laws) ਨੂੰ ਸੁਚਾਰੂ ਰੂਪ ਨਾਲ ਚਲਾਉਣ ਅਤੇ ਕੰਟਰੋਲ ਕਰਨ ਲਈ ਨਵੇਂ ਸਿਰੇ ਤੋਂ ਨਿਯਮ ਤਿਆਰ ਕੀਤੇ ਜਾਣਗੇ।
ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਐਕਟ ਵਿੱਚ ਬਦਲਾਅ ਦਾ ਇਹ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ, ਜਿਸ ‘ਤੇ ਆਉਣ ਵਾਲੇ ਦਿਨਾਂ ਵਿੱਚ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਤੀਕਿਰਿਆ ਦੇਖਣੀ ਅਹਿਮ ਹੋਵੇਗੀ।



