ਰਾਮ ਮੰਦਰ ਚੜ੍ਹਾਵਾ ਘੁਟਾਲਾ: ‘SIT’ ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ- ਕੀ ਹੋਵੇਗੀ FIR?

Top Trending News ਰਾਸ਼ਟਰੀ

 

ਰਾਮ ਮੰਦਰ ਚੜ੍ਹਾਵਾ ਘੁਟਾਲਾ: ‘SIT’ ਨੇ ਵਧੀਕ ਮੁੱਖ ਸਕੱਤਰ ਨੂੰ ਸੌਂਪੀ ਰਿਪੋਰਟ- ਕੀ ਹੋਵੇਗੀ FIR?

ਮੰਦਰ ਦੇ ਚੜ੍ਹਾਵੇਂ ‘ਚੋਂ 7 ਕਰੋੜ ਰੁਪਏ ਤੋਂ ਵੱਧ ਦੀ ਰਕਮ ਗਾਇਬ ਹੋਣ ਦਾ ਖ਼ਦਸ਼ਾ

ਅਯੁੱਧਿਆ/ਲਖਨਊ, 24 ਜੂਨ 2026-

ਅਯੁੱਧਿਆ ਰਾਮ ਮੰਦਰ ਦੇ ਚੜ੍ਹਾਵੇ ਅਤੇ ਦਾਨ ਦੀ ਰਕਮ ਵਿੱਚ ਹੋਈ ਕਥਿਤ ਹੇਰਾਫੇਰੀ ਦੇ ਮਾਮਲੇ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਆਪਣੀ ਮੁੱਢਲੀ ਪੜਤਾਲੀਆ ਰਿਪੋਰਟ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਸੰਜੈ ਪ੍ਰਸਾਦ ਨੂੰ ਸੌਂਪ ਦਿੱਤੀ ਹੈ।

ਜਾਂਚ ਟੀਮ ਦੇ ਮੈਂਬਰ ਵਿਜੈ ਵਿਸ਼ਵਾਸ ਪੰਤ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਿਪੋਰਟ ਹੁਣ ਤੱਕ ਦੀ ਪੜਤਾਲ ’ਤੇ ਆਧਾਰਿਤ ਹੈ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਸ ਦੇ ਵੇਰਵੇ ਪੂਰੀ ਤਰ੍ਹਾਂ ਗੁਪਤ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਸਿਟ ਅਗਲੇ 10-15 ਦਿਨਾਂ ਦੇ ਅੰਦਰ ਆਪਣੀ ਅੰਤਿਮ (ਫਾਈਨਲ) ਰਿਪੋਰਟ ਸਰਕਾਰ ਨੂੰ ਪੇਸ਼ ਕਰੇਗੀ।

ਦੱਸਣਯੋਗ ਹੈ ਕਿ ਇਹ ਮਾਮਲਾ ਉਸ ਸਮੇਂ ਚਰਚਾ ਵਿੱਚ ਆਇਆ ਜਦੋਂ ਅਯੁੱਧਿਆ ਤੋਂ ਸਮਾਜਵਾਦੀ ਪਾਰਟੀ ਦੇ ਸਾਬਕਾ ਵਿਧਾਇਕ ਪਵਨ ਪਾਂਡੇ ਨੇ ਮੰਦਰ ਦੇ ਚੜ੍ਹਾਵੇਂ ’ਚੋਂ ਸੱਤ ਕਰੋੜ ਰੁਪਏ ਤੋਂ ਵੱਧ ਦੀ ਰਕਮ ਗਾਇਬ ਹੋਣ ਦੇ ਗੰਭੀਰ ਦੋਸ਼ ਲਾਏ ਸਨ। ਇਸ ਮਗਰੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਟਰੱਸਟ ਦੀ ਮੰਗ ’ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਬੀਤੀ 14 ਜੂਨ ਨੂੰ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ।

ਇਸ ਖੁਲਾਸੇ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਸਮਾਜਵਾਦੀ ਪਾਰਟੀ (ਸਪਾ) ਅਤੇ ਕਾਂਗਰਸ ਦੇ ਪ੍ਰਮੁੱਖ ਆਗੂਆਂ ਨੇ ਇਸ ਕਥਿਤ ਘੁਟਾਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਵਿਰੋਧੀ ਧਿਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਆਸਥਾ ਨਾਲ ਖਿਲਵਾੜ ਕਰਨ ਵਾਲੇ ਦੋਸ਼ੀਆਂ ਦੀ ਜਲਦ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।