ਵੀਡੀਓ ਵਿਵਾਦ ‘ਤੇ AAP ਦਾ ਪਲਟਵਾਰ: “ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ” ਨੂੰ ਰੋਕਣ ਲਈ ਵਿਰੋਧੀ ਰਚ ਰਹੇ ਨੇ ਸਾਜ਼ਿਸ਼ਾਂ: ਬਲਤੇਜ ਪੰਨੂ
ਚੰਡੀਗੜ੍ਹ 24 ਜੂਨ, 2026- ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧਿਤ ਵਿਵਾਦਿਤ ਵੀਡੀਓ ਦੇ ਮਾਮਲੇ ਵਿੱਚ ਹੁਣ ਆਮ ਆਦਮੀ ਪਾਰਟੀ (AAP) ਵੱਲੋਂ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਗਿਆ ਹੈ। ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਨੇ ਇੱਕ ਬਿਆਨ ਜਾਰੀ ਕਰਦਿਆਂ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ ਹੈ ਅਤੇ ਇਸ ਪੂਰੇ ਘਟਨਾਕ੍ਰਮ ਨੂੰ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਇੱਕ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ।
ਵੀਡੀਓ ਵਿਵਾਦ ‘ਤੇ ਜਵਾਬ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕਿਉਂਕਿ ਹਰਿਆਣਾ ਦੇ ਅੰਦਰ ਭਾਰਤੀ ਜਨਤਾ ਪਾਰਟੀ (BJP) ਦੀ ਸਰਕਾਰ ਹੈ, ਇਸ ਲਈ ਉੱਥੇ ਬੈਠ ਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਗਿਣੀ-ਮਿੱਥੀ ਰਣਨੀਤੀ ਤਹਿਤ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਭ ਦਾ ਮਕਸਦ ਸਿਰਫ਼ ਤੇ ਸਿਰਫ਼ ਸਰਕਾਰ ਦੇ ਅਕਸ ਨੂੰ ਢਾਹ ਲਾਉਣਾ ਹੈ।
‘ਆਪ’ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਹੋ ਰਹੇ ਹਨ ਅਤੇ ਲੋਕ-ਭਲਾਈ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰਾਂ ਸਰਕਾਰ ਦੀ ਹਰਮਨਪਿਆਰਤਾ ਅਤੇ ਖ਼ਾਸ ਕਰਕੇ “ਮਾਵਾਂ ਧੀਆਂ ਸਤਿਕਾਰਯੋਗ ਯੋਜਨਾ” ਨੂੰ ਰੋਕਣਾ ਚਾਹੁੰਦੀਆਂ ਹਨ, ਜਿਸ ਕਾਰਨ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਮੁਤਾਬਕ ਪੰਜਾਬ ਦਾ ਇਹ ਵਿਕਾਸ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਿਹਾ।
ਆਪਣੇ ਬਿਆਨ ਵਿੱਚ ਸਿਆਸੀ ਹਮਲਾ ਤੇਜ਼ ਕਰਦਿਆਂ ਬਲਤੇਜ ਪੰਨੂ ਨੇ ਵਿਰੋਧੀ ਆਗੂਆਂ ‘ਤੇ ਤਨਜ਼ ਕੱਸਿਆ। ਉਨ੍ਹਾਂ ਸਾਰੇ ਵਿਰੋਧੀਆਂ ਨੂੰ “ਕਾਵਾਂ ਰੋਲੀ ਵਾਲੀ ਪੰਚਾਇਤ” ਕਹਿ ਕੇ ਸੰਬੋਧਨ ਕੀਤਾ, ਜੋ ਬਿਨਾਂ ਕਿਸੇ ਤੱਥ ਅਤੇ ਮੁੱਦੇ ਦੇ ਸਿਰਫ਼ ਸ਼ੋਰ-ਸ਼ਰਾਬਾ ਪਾਉਣ ਦਾ ਕੰਮ ਕਰ ਰਹੇ ਹਨ।
ਪਾਰਟੀ ਨੇ ਦਾਅਵਾ ਕੀਤਾ ਹੈ ਕਿ ਅਜਿਹੀਆਂ ਫਰਜ਼ੀ ਸਾਜ਼ਿਸ਼ਾਂ ਨਾਲ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਰੋਕਿਆ ਨਹੀਂ ਜਾ ਸਕਦਾ ਅਤੇ ਜਨਤਾ ਸਭ ਸੱਚ ਜਾਣਦੀ ਹੈ।



