ਵੱਡੀ ਖ਼ਬਰ: ਪੰਜਾਬ ‘ਚ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ

Top Trending News ਪੰਜਾਬ

 

ਵੱਡੀ ਖ਼ਬਰ: ਪੰਜਾਬ ‘ਚ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ

1 ਜੁਲਾਈ ਤੋਂ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਐਲਾਨ; ਗੰਨਾ ਕਿਸਾਨਾਂ ਦੇ ਬਕਾਏ ਦਾ ਮਾਮਲਾ ਗਰਮਾਇਆ

ਟਾਂਡਾ ਉੜਮੁੜ 24 ਜੂਨ 2026- ਪੰਜਾਬ ਦੇ ਲੋਕਾਂ ਅਤੇ ਖ਼ਾਸ ਕਰਕੇ ਹਾਈਵੇਅ ‘ਤੇ ਸਫ਼ਰ ਕਰਨ ਵਾਲਿਆਂ ਲਈ ਇੱਕ ਬੇਹੱਦ ਅਹਿਮ ਖ਼ਬਰ ਹੈ। ਗੰਨਾ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਗੁੱਸੇ ਵਿੱਚ ਆਈ ਦੋਆਬਾ ਕਿਸਾਨ ਕਮੇਟੀ ਪੰਜਾਬ ਨੇ 1 ਜੁਲਾਈ ਤੋਂ ਟਾਂਡਾ (ਉੜਮੁੜ) ਵਿਖੇ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਵੱਡਾ ਐਲਾਨ ਕਰ ਦਿੱਤਾ ਹੈ। ਇਸ ਫੈਸਲੇ ਨਾਲ ਆਉਣ ਵਾਲੇ ਦਿਨਾਂ ਵਿੱਚ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਲੰਘੀ 18 ਮਈ ਨੂੰ ਜਲੰਧਰ ਸਥਿਤ ਗੰਨਾ ਵਿਭਾਗ ਦੇ ਦਫ਼ਤਰ ਅੱਗੇ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਸਮੇਂ ਪ੍ਰੋਜੈਕਟ ਅਫ਼ਸਰ ਅਤੇ ਸਬੰਧਿਤ ਵਿਭਾਗ ਨੇ ਭਰੋਸਾ ਦਿੱਤਾ ਸੀ ਕਿ 30 ਮਈ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 68.50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ 142 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਮ੍ਹਾਂ ਕਰਵਾ ਦਿੱਤੀ ਜਾਵੇਗੀ।

ਉਨ੍ਹਾਂ ਦੋਸ਼ ਲਾਇਆ ਕਿ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਦੇ ਖਾਤਿਆਂ ਵਿੱਚ ਅਜੇ ਤੱਕ ਇੱਕ ਵੀ ਰੁਪਿਆ ਨਹੀਂ ਆਇਆ। ਅਧਿਕਾਰੀਆਂ ਵੱਲੋਂ ਸਿਰਫ਼ ਲਾਰੇ ਲਗਾਏ ਗਏ ਅਤੇ ਉਨ੍ਹਾਂ ਵੱਲੋਂ ਬਣਾਇਆ ਗਿਆ ਨਵਾਂ ਪੋਰਟਲ ਵੀ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ।

ਕਿਸਾਨ ਆਗੂ ਨੇ ਕਿਹਾ ਕਿ ਹੁਣ ਗੰਨੇ ਦੀ ਅਗਲੀ ਫ਼ਸਲ ਤਿਆਰ ਹੋਣ ਵਾਲੀ ਹੈ, ਪਰ ਕਿਸਾਨਾਂ ਨੂੰ ਪਿਛਲੀ ਫ਼ਸਲ ਦਾ ਭੁਗਤਾਨ ਵੀ ਨਹੀਂ ਮਿਲਿਆ, ਜਿਸ ਕਾਰਨ ਕਿਸਾਨਾਂ ਦੀ ਆਰਥਿਕ ਹਾਲਤ ਬੇਹੱਦ ਖ਼ਰਾਬ ਹੋ ਚੁੱਕੀ ਹੈ। ਸਰਕਾਰ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਦਾ ਹੱਕੀ ਬਕਾਇਆ ਦੇਣ ਤੋਂ ਵੀ ਆਨਾਕਾਨੀ ਕਰ ਰਹੀ ਹੈ।

ਜੰਗਵੀਰ ਸਿੰਘ ਚੌਹਾਨ ਨੇ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ, ਜੇਕਰ 30 ਜੂਨ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 68.50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਕਾਇਆ ਰਾਸ਼ੀ ਨਾ ਪਾਈ ਗਈ, ਤਾਂ 1 ਜੁਲਾਈ ਨੂੰ ਦੋਆਬਾ ਕਿਸਾਨ ਕਮੇਟੀ ਦੇ ਵਰਕਰ ਸੜਕਾਂ ‘ਤੇ ਉਤਰਨਗੇ। ਟਾਂਡਾ ਵਿਖੇ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਨੂੰ ਅਣਮਿੱਥੇ ਸਮੇਂ ਲਈ ਮੁਕੰਮਲ ਜਾਮ ਕਰ ਦਿੱਤਾ ਜਾਵੇਗਾ। ਜੇਕਰ ਲੋੜ ਪਈ ਤਾਂ ਪੰਜਾਬ ਦੀਆਂ ਹੋਰਨਾਂ ਸੜਕਾਂ ਨੂੰ ਵੀ ਜਾਮ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।