ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਤਹਿਤ ਭਗਵੰਤ ਮਾਨ ਖ਼ਿਲਾਫ਼ ਤੁਰੰਤ FIR ਦਰਜ ਹੋਵੇ : ਚੰਨੀ

Top Trending News ਪੰਜਾਬ
  • ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਤਹਿਤ ਭਗਵੰਤ ਮਾਨ ਖ਼ਿਲਾਫ਼ ਤੁਰੰਤ FIR ਦਰਜ ਹੋਵੇ : ਚੰਨੀ

ਸ੍ਰੀ ਚਮਕੌਰ ਸਾਹਿਬ/ਮੋਰਿੰਡਾ, 24 ਜੂਨ (ਭਟੋਆ) : ਜਲੰਧਰ ਤੋਂ ਲੋਕ ਸਭਾ ਮੈਂਬਰ, ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਤਹਿਤ ਉਨ੍ਹਾਂ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ, ਗੁਰੂ ਸਾਹਿਬਾਨ ਅਤੇ ਪੰਥਕ ਸੰਸਥਾਵਾਂ ਦਾ ਲਗਾਤਾਰ ਨਿਰਾਦਰ ਕਰਨ ਵਾਲੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ‘ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

ਯੂਥ ਕਾਂਗਰਸ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਨਵਜੀਤ ਸਿੰਘ ਨਵੀ ਅਤੇ ਉਨ੍ਹਾਂ ਦੀ ਟੀਮ ਨੂੰ ਅਸ਼ੀਰਵਾਦ ਦੇਣ ਲਈ ਸ੍ਰੀ ਚਮਕੌਰ ਸਾਹਿਬ ਪਹੁੰਚੇ ਸ੍ਰੀ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਹਾਲ ਹੀ ਵਿੱਚ ਸਾਹਮਣੇ ਆਈ ਇੱਕ ਵੀਡੀਓ ਨੇ ਮੁੱਖ ਮੰਤਰੀ ਦਾ “ਅਸਲ ਚਿਹਰਾ” ਬੇਨਕਾਬ ਕਰ ਦਿੱਤਾ ਹੈ, ਜਿਸ ਕਾਰਨ ਪੂਰੇ ਪੰਜਾਬ ਵਿੱਚ ਰੋਸ ਦਾ ਮਾਹੌਲ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਪਹਿਲਾਂ ਵੀ ਕਈ ਵਾਰ ਸਿੱਖ ਮਰਿਆਦਾ ਦੇ ਉਲਟ ਬਿਆਨ ਅਤੇ ਗਤੀਵਿਧੀਆਂ ਕਰ ਚੁੱਕੇ ਹਨ।

ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਧਰਮ ਦੀਆਂ ਸਰਵਉੱਚ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 1925 ਦੇ ਸਿੱਖ ਗੁਰਦੁਆਰਾ ਐਕਟ ਵਿੱਚ ਕੀਤੀਆਂ ਗਈਆਂ ਸੋਧਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ।

ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ‘ਤੇ ਸਵਾਲ ਚੁੱਕਣ ਵਾਲੇ ਬਿਆਨ ਦੇ ਰਹੇ ਹਨ, ਜਿਸ ਨੂੰ ਸਿੱਖ ਭਾਈਚਾਰਾ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕਰੇਗਾ।

ਮੁੱਖ ਮੰਤਰੀ ਨਾਲ ਸਬੰਧਤ ਵਾਇਰਲ ਵੀਡੀਓ ਅਤੇ ਕਥਿਤ ਜਾਅਲੀ ਰਿਪੋਰਟ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਸਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਚੰਨੀ ਨੇ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਇੱਕ ਹੋਟਲ ਵਿੱਚ ਪੰਜਾਬ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਅਤੇ ਉੱਥੇ ਦਰਜ ਹੋਈ ਐਫਆਈਆਰ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ‘ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਅਤੇ ਤੱਥਾਂ ਨੂੰ ਪ੍ਰਭਾਵਿਤ ਕਰਨ ਲਈ ਕੁਝ ਅਧਿਕਾਰੀਆਂ ਨੂੰ 10-10 ਲੱਖ ਰੁਪਏ ਤੱਕ ਦੀ ਰਿਸ਼ਵਤ ਭੇਜੀ ਗਈ।

ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਅਧਿਕਾਰੀਆਂ ਅਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੀਆਂ ਹਾਲੀਆ ਗਤੀਵਿਧੀਆਂ ਨਾਲ ਨਾ ਸਿਰਫ਼ ਸਿੱਖ ਭਾਈਚਾਰੇ, ਸਗੋਂ ਸਮੁੱਚੀ ਮਨੁੱਖਤਾ ਦੀਆਂ ਭਾਵਨਾਵਾਂ ਵੀ ਆਹਤ ਹੋਈਆਂ ਹਨ।
ਚੰਨੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਸਿੱਧੇ ਸਵਾਲ ਪੁੱਛਣ। ਉਨ੍ਹਾਂ ਕਿਹਾ ਕਿ ਜਨਤਾ ਨੂੰ ਲੋਕਤੰਤਰੀ ਢੰਗ ਨਾਲ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ ਤਾਂ ਜੋ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਮਰਿਆਦਾ ਅਤੇ ਸਨਮਾਨ ਬਰਕਰਾਰ ਰਹਿ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।