ਪੰਜਾਬ ਲਈ ਵੱਡੀ ਮੁਸੀਬਤ; ਸਫ਼ਾਈ ਮੁਲਾਜ਼ਮਾਂ ਵੱਲੋਂ ਹੜਤਾਲ ਦੀ ਚੇਤਾਵਨੀ!

Top Trending News ਪੰਜਾਬ

 

ਪੰਜਾਬ ਲਈ ਵੱਡੀ ਮੁਸੀਬਤ; ਸਫ਼ਾਈ ਮੁਲਾਜ਼ਮਾਂ ਵੱਲੋਂ ਹੜਤਾਲ ਦੀ ਚੇਤਾਵਨੀ!

ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਕਰਨ ‘ਤੇ ਭੜਕੇ ਪੰਜਾਬ ਭਰ ਦੇ ਸਫ਼ਾਈ ਸੇਵਕ; ਖਰੜ ਵਿੱਚ ਕੀਤਾ ਭਰਵਾਂ ਇਕੱਠ

ਖਰੜ, 25 ਜੂਨ 2026-

ਪੰਜਾਬ ਸਰਕਾਰ ਵੱਲੋਂ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਨਾ ਕੀਤੇ ਜਾਣ ਖ਼ਿਲਾਫ਼ ਸੂਬੇ ਭਰ ਦੇ ਸਫ਼ਾਈ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚਲਦਿਆਂ ਅੱਜ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਸਫ਼ਾਈ ਮੁਲਾਜ਼ਮਾਂ ਨੇ ਖਰੜ ਵਿੱਚ ਇਕੱਠੇ ਹੋ ਕੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ।

ਤੈਅ ਪ੍ਰੋਗਰਾਮ ਮੁਤਾਬਕ ਪਹਿਲਾਂ ਮੁਲਾਜ਼ਮਾਂ ਵੱਲੋਂ ਸ਼ਹਿਰ ਵਿੱਚ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਣਾ ਸੀ। ਪਰ ਮੌਕੇ ‘ਤੇ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੁਲਾਜ਼ਮਾਂ ਦੀ ਸਬ-ਕਮੇਟੀ ਨਾਲ ਆਉਂਦੀ 2 ਜੁਲਾਈ ਨੂੰ ਉੱਚ ਪੱਧਰੀ ਮੀਟਿੰਗ ਤੈਅ ਕਰਵਾ ਦਿੱਤੀ, ਜਿਸ ਤੋਂ ਬਾਅਦ ਯੂਨੀਅਨ ਵੱਲੋਂ ਰੋਸ ਮਾਰਚ ਦੇ ਪ੍ਰੋਗਰਾਮ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ।

ਰੈਲੀ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਸ਼ੋਕ ਸਾਰਵਾਨ, ਜਨਰਲ ਸਕੱਤਰ ਰਮੇਸ਼ ਅਤੇ ਮੁੱਖ ਸਲਾਹਕਾਰ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਜਦੋਂ ਸਫ਼ਾਈ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਸੀ, ਤਾਂ ਸਰਕਾਰ ਨੇ ਸੰਘਰਸ਼ ਖ਼ਤਮ ਕਰਵਾਉਣ ਲਈ ਇਹ ਪੱਕਾ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ 20 ਜੂਨ ਤੱਕ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਸਰਕਾਰ ਦੇ ਇਸੇ ਭਰੋਸੇ ‘ਤੇ ਮੁਲਾਜ਼ਮਾਂ ਨੇ ਆਪਣਾ ਸੰਘਰਸ਼ ਇੱਕ ਮਹੀਨੇ ਲਈ ਅੱਗੇ ਪਾ ਦਿੱਤਾ ਸੀ, ਪਰ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਮਹੀਨਾ ਲੰਘਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਕੋਈ ਨੋਟੀਫਿਕੇਸ਼ਨ ਜਾਂ ਫ਼ੈਸਲਾ ਨਹੀਂ ਲਿਆ ਗਿਆ।

ਆਗੂਆਂ ਨੇ ਕਿਹਾ ਕਿ ਸਰਕਾਰ ਨੇ ਪਿਛਲੀ ਹੜਤਾਲ ਦੌਰਾਨ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਆਪਣੇ ਅਧੀਨ ਲੈਣ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ (ਰੈਗੂਲਰ) ਕਰਨ ਲਈ ਨੀਤੀ ਬਣਾਉਣ ਦਾ ਵਾਅਦਾ ਕੀਤਾ ਸੀ, ਜਿਸ ਤੋਂ ਹੁਣ ਸਰਕਾਰ ਪਿੱਛੇ ਹਟਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਸਪੱਸ਼ਟ ਲਫ਼ਜ਼ਾਂ ਵਿੱਚ ਚੇਤਾਵਨੀ ਦਿੱਤੀ ਕਿ ਜੇਕਰ 2 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਪੱਕਾ ਅਤੇ ਠੋਸ ਹੱਲ ਨਾ ਹੋਇਆ, ਤਾਂ ਸਫ਼ਾਈ ਮੁਲਾਜ਼ਮ ਤਿੱਖੇ ਸੰਘਰਸ਼ ਦਾ ਬਿਗਲ ਵਜਾਉਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।