- SGPC ਨੇ ਮੁੱਖ ਮੰਤਰੀ ਦਾ ਬਾਈਕਾਟ ਕਰਨ ਲਈ ਬੋਰਡ ਲਗਾਏ
ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 25 ਜੂਨ (ਭਟੋਆ): ਸ੍ਰੀ ਅਕਾਲ ਤਖਤ ਸਾਹਿਬ ਅਤੇ ਸੂਬੇ ਦੇ ਮੁੱਖ ਮੰਤਰੀ ਦਰਮਿਆਨ ਕਥਿਤ ਵੀਡੀਓ ਦੀ ਜਾਂਚ ਨੂੰ ਲੈ ਕੇ ਖਿਚਾਓ ਬਣਿਆ ਹੋਇਆ ਹੈ। ਇਸ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਮੁਤਾਬਿਕ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦਿੰਦਿਆਂ ਸੰਗਤ ਵੱਲੋਂ ਬਾਈਕਾਟ ਕਰਨ ਸਬੰਧੀ ਸ੍ਰੀ ਚਮਕੌਰ ਸਾਹਿਬ ਵਿੱਚ ਫਲੈਕਸ ਬੋਰਡ ਲਗਾਏ ਹੋਏ ਹਨ।
ਇਹ ਬੋਰਡ ਜਨਤਕ ਥਾਵਾਂ ਤੇ ਰਾਤ ਦੇ ਸਮੇਂ ਲਗਾਏ ਗਏ ਸਨ ਅਤੇ ਰਾਤ ਸਮੇਂ ਬੋਰਡ ਲਗਾਉਣ ਵਾਲੇ ਵਿਅਕਤੀਆਂ ਦੀ ਕਿਸੇ ਨੂੰ ਵੀ ਭਿਣਕ ਨਹੀਂ ਲੱਗੀ। ਉਕਤ ਬਾਈਕਾਟ ਦੇ ਬੋਰਡ ਵਿੱਚ ਸੰਗਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਇਹ ਬੋਰਡ ਇਸ ਵੇਲੇ ਪੂਰੇ ਇਲਾਕੇ ਸਮੇਤ ਪੰਜਾਬ ਦੇ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਭਾਰੀ ਚਰਚਾ ਅਤੇ ਤਣਾਅ ਦਾ ਵਿਸ਼ਾ ਬਣੇ ਹੋਏ ਹਨ।
ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਗੁਰਦੁਆਰਾ ਕਤਲਗੜ੍ਹ ਸਾਹਿਬ ਦੇ ਮੈਨੇਜਰ ਗੁਰਮੱਖ ਸਿੰਘ ਢੋਲੇਵਾਲ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਚਮਕੌਰ ਸਾਹਿਬ ਵਿੱਚ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜੀ ਸਾਹਿਬ, ਘੋੜੇ ਵਾਲਾ ਚੌਕ ਸਮੇਤ ਇਲਾਕੇ ਵਿੱਚਲੇ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਸਾਹਿਬ ਵਿੱਚ ਇਹ ਬੋਰਡ ਲਗਾਏ ਗਏ ਹਨ। ਇਨ੍ਹਾਂ ਬੋਰਡਾਂ ਉੱਤੇ ਮੁੱਖ ਮੰਤਰੀ ਨਾਲ ਜੁੜੇ ਹਾਲੀਆ ਵਿਵਾਦਾਂ ਦਾ ਹਵਾਲਾ ਦਿੰਦਿਆਂ ਸਿੱਖ ਸੰਗਤ ਨੂੰ ਉਨ੍ਹਾਂ ਦੇ ਬਾਈਕਾਟ ਦੀ ਅਪੀਲ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਸ਼ਰਧਾਲੂਆਂ ਅਤੇ ਆਮ ਲੋਕਾਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ, ਉੱਥੇ ਹੀ ਸੂਬੇ ਦੀ ਸਿਆਸਤ ਵਿੱਚ ਵੀ ਇਸ ਮੁੱਦੇ ਨੂੰ ਲੈ ਕੇ ਗਰਮਾ-ਗਰਮੀ ਵਧਣ ਦੇ ਆਸਾਰ ਨਜ਼ਰ ਆ ਰਹੇ ਹਨ।



