- ਦਰਦਨਾਕ ਸੜਕ ਹਾਦਸਾ, ਨਾਬਾਲਿਗ ਲੜਕੀ ਦੀ ਮੌਤ
ਫ਼ਰੀਦਕੋਟ, 26 ਜੂਨ (ਦੇਸ਼ ਕਲਿੱਕ ਬਿਊਰੋ): ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਬੱਸ ਅੱਡੇ ਨੇੜੇ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਨਾਬਾਲਿਗ ਲੜਕੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ ਅਰਸ਼ਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਵਾਸੀ ਪੰਜਗਰਾਈਂ ਕਲਾਂ ਵਜੋਂ ਹੋਈ ਹੈ। ਮ੍ਰਿਤਕਾ ਦੇ ਦਾਦਾ ਹਾਕਮ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਕੌਰ ਬੱਸ ਤੋਂ ਉਤਰ ਕੇ ਸੜਕ ਪਾਰ ਕਰ ਰਹੀ ਸੀ। ਇਸ ਦੌਰਾਨ ਮੋਗਾ ਵੱਲੋਂ ਆ ਰਹੇ ਇੱਕ ਟਰਾਲੇ ਦੀ ਲਪੇਟ ਵਿੱਚ ਆਉਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਜ਼ਖ਼ਮੀ ਹਾਲਤ ਵਿੱਚ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।



