ਚੰਡੀਗੜ੍ਹ, 27 ਜੂਨ (ਦੇਸ਼ ਕਲਿੱਕ ਬਿਊਰੋ): ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਦੇ ਪ੍ਰਬੰਧਕੀ ਬੋਰਡ ਸਬੰਧੀ ਪੇਸ਼ ਕੀਤੇ ਜਾ ਰਹੇ ਨਵੇਂ ਕਾਨੂੰਨ ਦੇ ਸਿੱਖ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਸਖ਼ਤ ਵਿਰੋਧ ਦੇ ਵਿਚਕਾਰ, ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਫ਼ੋਨ ‘ਤੇ ਗੱਲ ਕੀਤੀ ਹੈ ਅਤੇ ਇਸ ਮੁੱਦੇ ‘ਤੇ ਸਿੱਖ ਭਾਈਚਾਰੇ ਦੀਆਂ ਡੂੰਘੀਆਂ ਚਿੰਤਾਵਾਂ ਅਤੇ ਭਾਵਨਾਵਾਂ ਤੋਂ ਜਾਣੂ ਕਰਵਾਇਆ।
ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਗੱਲਬਾਤ ਤੋਂ ਬਾਅਦ ਫੜਨਵੀਸ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਨੂੰ ਇੱਥੇ ਹੀ ਰੋਕ ਕੇ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਪਰਦਾਵਾਂ ਅਤੇ ਬੁੱਧੀਜੀਵੀ ਵਰਗ ਦਾ ਪੱਖ ਸੁਣਿਆ ਜਾਵੇਗਾ ਅਤੇ ਇਸ ਸਭ ‘ਤੇ ਵਿਸਥਾਰਤ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਇਸ ਨਵੇਂ ਕਾਨੂੰਨ ਬਾਰੇ ਕੋਈ ਫੈਸਲਾ ਲਿਆ ਜਾਵੇਗਾ।
ਅੱਗੇ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਦਿੱਤੇ ਭਰੋਸੇ ਲਈ ਜਿੱਥੇ ਮੈਂ ਫੜਨਵੀਸ ਸਾਬ੍ਹ ਦਾ ਧੰਨਵਾਦ ਕਰਦਾ ਹਾਂ ਉੱਥੇ ਹੀ ਸਿੱਖ ਸੰਗਤ ਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਬੀਤੇ ਦਿਨੀਂ ਉਨ੍ਹਾਂ ਨੂੰ ਇਸ ਸੰਬਧੀ ਪੱਤਰ ਵੀ ਲਿਖਿਆ ਸੀ ਅਤੇ ਹੁਣ ਛੇਤੀ ਹੀ ਸਾਡਾ ਵਫ਼ਦ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਮਿਲਣ ਵੀ ਜਾ ਰਿਹਾ ਹੈ।



