ਪੰਜਾਬ-ਹਰਿਆਣਾ ਹਾਈਕੋਰਟ ਦੇ ਸਿਟਿੰਗ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ
ਚੰਡੀਗੜ੍ਹ 28 ਜੂਨ, 2026- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿਟਿੰਗ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਅੱਜ ਤੜਕੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 59 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਨਿਆਇਕ ਅਤੇ ਕਾਨੂੰਨੀ ਜਗਤ ਵਿੱਚ ਸੋਕ ਦੀ ਲਹਿਰ ਦੌੜ ਗਈ ਹੈ।
ਹਾਈ ਕੋਰਟ ਪ੍ਰਸ਼ਾਸਨ ਵੱਲੋਂ ਮਿਲੀ ਜਾਣਕਾਰੀ ਮੁਤਾਬਕ, ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਅੱਜ ਤੜਕੇ 2:50 ਵਜੇ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਅੱਜ ਸ਼ਾਮ 5:00 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਹਰਿਆਣਾ ਦੇ ਹਾਂਸੀ ਜ਼ਿਲ੍ਹੇ ਵਿੱਚ ਸਥਿਤ ਉਨ੍ਹਾਂ ਦਾ ਜੱਦੀ ਪਿੰਡ ਮਸੂਦਪੁਰ ਵਿਖੇ ਕੀਤਾ ਜਾਵੇਗਾ, ਜਿੱਥੇ ਕਈ ਨਿਆਇਕ ਅਧਿਕਾਰੀ ਅਤੇ ਉੱਘੀਆਂ ਸ਼ਖਸੀਅਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚਣਗੀਆਂ।
ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਹਾਈ ਕੋਰਟ ਵਿੱਚ ਸ਼ਾਨਦਾਰ ਅਤੇ ਬੇਦਾਗ਼ ਨਿਆਇਕ ਕਰੀਅਰ ਰਿਹਾ ਹੈ। 10 ਜੁਲਾਈ 2017 ਨੂੰ ਪਹਿਲੀ ਵਾਰ ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਧੀਕ (Additional) ਜੱਜ ਵਜੋਂ ਤਾਇਨਾਤ ਕੀਤਾ ਗਿਆ ਸੀ। 3 ਦਸੰਬਰ 2018 ਨੂੰ ਉਨ੍ਹਾਂ ਦੀਆਂ ਬਿਹਤਰੀਨ ਸੇਵਾਵਾਂ ਨੂੰ ਦੇਖਦਿਆਂ, ਉਨ੍ਹਾਂ ਨੂੰ ਹਾਈ ਕੋਰਟ ਦਾ ਸਥਾਈ (Permanent) ਜੱਜ ਨਿਯੁਕਤ ਕੀਤਾ ਗਿਆ ਸੀ। ਕਾਨੂੰਨੀ ਮਾਹਿਰਾਂ ਅਤੇ ਵਕੀਲਾਂ ਵੱਲੋਂ ਜਸਟਿਸ ਸਿੰਧੂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।



