ਰਾਖਵਾਂਕਰਨ ਨੀਤੀ ਦੀ ਉਲੰਘਣਾ ਖ਼ਿਲਾਫ਼ SC/BC ਅਧਿਆਪਕ ਯੂਨੀਅਨ ਵੱਲੋਂ ਮੋਹਾਲੀ ‘ਚ ਸੂਬਾ ਪੱਧਰੀ ਧਰਨੇ ਦਾ ਐਲਾਨ
ਮੋਗਾ, 29 ਜੂਨ 2026
ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੀ ਇੱਕ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਕਰਿਸ਼ਨ ਸਿੰਘ ਦੁੱਗਾਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਤੇ ਵਿਦਿਆਰਥੀਆਂ ਨਾਲ ਸੰਬੰਧਤ ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸਿੱਧੀ ਭਰਤੀ ਅਤੇ ਤਰੱਕੀਆਂ ਵਿਚ ਰਾਖਵਾਂਕਰਨ ਨੀਤੀ ਦੀ ਕੀਤੀ ਜਾ ਰਹੀ ਕਥਿਤ ਉਲੰਘਣਾ ‘ਤੇ ਗੰਭੀਰ ਚਿੰਤਾ ਜਤਾਈ ਗਈ।
ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਰਾਖਵਾਂਕਰਨ ਦੇ ਹੱਕਾਂ ਦੀ ਅੰਨ੍ਹੇਵਾਹ ਲੁੱਟ ਕਰ ਰਹੀ ਹੈ, ਜਦਕਿ ਭਲਾਈ ਮੰਤਰੀ ਕੁੰਭਕਰਨੀ ਨੀਂਦ ਸੋ ਰਹੇ ਹਨ।
ਆਗੂਆਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ 25 ਜੂਨ 2026 ਨੂੰ ਜਾਰੀ ਕੀਤੀ ਗਈ ਲੈਕਚਰਾਰ ਕੇਡਰ ਦੀਆਂ 1013 ਅਸਾਮੀਆਂ ਦੇ ਇਸ਼ਤਿਹਾਰ ਵਿੱਚ ਵੱਡੀ ਗੜਬੜੀ ਸਾਹਮਣੇ ਆਈ ਹੈ।
ਪੰਜਾਬੀ, ਅਰਥਸ਼ਾਸਤਰ, ਕਾਮਰਸ, ਫਿਜ਼ਿਕਸ, ਭੂਗੋਲ, ਬਾਇਓਲੋਜੀ, ਰਸਾਇਣ ਵਿਗਿਆਨ ਅਤੇ ਗਣਿਤ। ਇਹਨਾਂ ਅਹਿਮ ਵਿਸ਼ਿਆਂ ਵਿੱਚ ਐੱਸਸੀ/ਬੀਸੀ ਵਰਗ ਲਈ ਰਾਖਵਾਂਕਰਨ ਨੂੰ “ਸਿਫ਼ਰ’ (Zero) ਕਰ ਦਿੱਤਾ ਗਿਆ ਹੈ, ਜੋ ਕਿ ਸੰਵਿਧਾਨਕ ਨੀਤੀ ਦੀ ਖੁੱਲ੍ਹੀ ਉਲੰਘਣਾ ਹੈ।
ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ, “ਸਰਕਾਰ ਦੀ ਇਸ ਸਾਜ਼ਿਸ਼ਪੂਰਨ ਨੀਤੀ ਨੂੰ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਅਤੇ ਭਲਾਈ ਮੰਤਰੀ ਦਾ ਰਵੱਈਆ ਬੇਹੱਦ ਨਿੰਦਣਯੋਗ ਹੈ।”
ਆਗੂਆਂ ਨੇ ਐਲਾਨ ਕੀਤਾ ਕਿ, 10 ਜੁਲਾਈ 2026 ਨੂੰ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ, ਫੇਜ਼ 3-ਬੀ-1, ਮੋਹਾਲੀ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਭਲਾਈ ਮੰਤਰੀ, ਸਕੱਤਰ ਭਲਾਈ ਵਿਭਾਗ ਅਤੇ ਡਾਇਰੈਕਟਰ ਭਲਾਈ ਵਿਭਾਗ ਦੇ ਪੁਤਲੇ ਫੂਕ ਕੇ ਤਿੱਖਾ ਰੋਸ ਪ੍ਰਗਟ ਕੀਤਾ ਜਾਵੇਗਾ।



