ਅਹਿਮ ਖ਼ਬਰ: CM ਮਾਨ ਆਪਣੇ ਜੱਦੀ ਜ਼ਿਲ੍ਹੇ ਨੂੰ ਦੇਣਗੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਸੰਗਰੂਰ, 30 ਜੂਨ 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਸੰਗਰੂਰ ਦੌਰੇ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਕਰੋੜਾਂ ਰੁਪਏ ਦੀ ਲਾਗਤ ਵਾਲੇ ਕਈ ਅਹਿਮ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਵੱਲੋਂ ਅੱਜ ਸੰਗਰੂਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਲਈ ਕਈ ਵੱਡੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾਣਗੇ, ਜਿਸ ਨਾਲ ਇਲਾਕੇ ਦੀ ਨੁਹਾਰ ਬਦਲੇਗੀ।
ਜਾਣਕਾਰੀ ਮੁਤਾਬਕ, ਅੱਜ ਮੁੱਖ ਮੰਤਰੀ ਵੱਲੋਂ ਸੰਗਰੂਰ ਦੇ ਇਤਿਹਾਸਕ ਬਨਾਸਰ ਬਾਗ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸ਼ਾਨਦਾਰ ਅਤਿ-ਆਧੁਨਿਕ ਸਵਿਮਿੰਗ ਪੂਲ ਦਾ ਉਦਘਾਟਨ ਕਰਕੇ ਇਸ ਨੂੰ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 50 ਡਾਕੂਮੈਂਟਰੀ ਮੋਬਾਈਲ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ। ਇਹ ਵੈਨਾਂ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਦਾ ਪ੍ਰਚਾਰ ਕਰਨਗੀਆਂ।
ਧੂਰੀ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ, ਮੁੱਖ ਮੰਤਰੀ ਵੱਲੋਂ ਧੂਰੀ ਵਿਖੇ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਨਾਲ ਇਲਾਕੇ ਦੀ ਟ੍ਰੈਫਿਕ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ।
ਬਰਨਾਲਾ ਦੇ ਮਹਿਲ ਕਲਾਂ ਵਿਖੇ ਹੋਵੇਗੀ ‘ਲੋਕ ਮਿਲਣੀ’
ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ 6:00 ਵਜੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਕਲਾਂ ਵਿਖੇ ਪਹੁੰਚਣਗੇ। ਇੱਥੇ ਉਹ ਇੱਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕਰਨਗੇ, ਜਿਸ ਦੌਰਾਨ ਉਹ ਸਿੱਧੇ ਤੌਰ ‘ਤੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਗੇ ਅਤੇ ਮੌਕੇ ‘ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਸੁਰੱਖਿਆ ਅਤੇ ਹੋਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।



