Pak Breaking: ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਕੀਤਾ ਢਹਿ ਢੇਰੀ; SGPC ਨੇ ਲਿਆ ਸਖ਼ਤ ਨੋਟਿਸ

Top Trending News ਕੌਮਾਂਤਰੀ ਪੰਜਾਬ

 

ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ SGPC ਨੇ ਲਿਆ ਸਖ਼ਤ ਨੋਟਿਸ

ਕਿਹਾ; ਪਾਕਿਸਤਾਨ ਸਰਕਾਰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਵੇ ਤੇ ਦੋਸ਼ੀਆਂ ਖਿਲਾਫ਼ ਕਰੇ ਸਖ਼ਤ ਕਾਰਵਾਈ

ਅੰਮ੍ਰਿਤਸਰ, 1 ਜੁਲਾਈ-

ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਆਖਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸਬੰਧਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤਾਂ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਉਥੋਂ ਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਫਰੂਖਾਬਾਦ ਦੀ ਮੰਡੀ ਸਕਰਾਨਾ ਵਿਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਹਥਿਆਉਣ ਲਈ ਅਜਿਹੀ ਘਿਨਾਉਣੀ ਹਰਕਤ ਕੀਤੀ ਹੈ। ਇਹ ਗੁਰਦੁਆਰਾ ਸਾਹਿਬ ਸਿੰਘ ਸਭਾ ਲਹਿਰ ਦੇ ਸਮੇਂ ਦਾ ਇਤਿਹਾਸਕ ਅਸਥਾਨ ਹੈ, ਜਿਸ ਨਾਲ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਯਾਦਾਂ ਜੁੜੀਆਂ ਹੋਈਆਂ ਹਨ। ਅਜਿਹੇ ਅਸਥਾਨਾਂ ਦੀ ਸੰਭਾਲ ਅਤੇ ਸੁਰੱਖਿਆ ਕਰਨਾ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਦੀ ਜ਼ਿੰਮੇਵਾਰੀ ਹੈ, ਨਾ ਕਿ ਉਨ੍ਹਾਂ ਨੂੰ ਢਾਹ ਕੇ ਇਤਿਹਾਸਕ ਵਿਰਾਸਤ ਨੂੰ ਮਿਟਾਇਆ ਜਾਵੇ।

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਪਹਿਚਾਣ ਨੂੰ ਬਰਕਰਾਰ ਰੱਖਦਿਆਂ ਇਸ ਦੀ ਮੁੜ ਉਸਾਰੀ ਅਤੇ ਸੰਭਾਲ ਲਈ ਢੁੱਕਵੇਂ ਕਦਮ ਚੁੱਕੇ ਜਾਣ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਦੁਆਰੇ ਅਤੇ ਹੋਰ ਸਿੱਖ ਵਿਰਾਸਤੀ ਅਸਥਾਨ ਵਿਸ਼ਵ ਭਰ ਦੀ ਸੰਗਤ ਦੀ ਆਸਥਾ ਦਾ ਕੇਂਦਰ ਹਨ। ਇਨ੍ਹਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।