ਅਮਰੀਕਾ ‘ਚ ਵਾਪਰਿਆ ਦਰਦਨਾਕ ਹਾਦਸਾ: ਭਾਰਤੀ ਪਰਿਵਾਰ ਦੇ 3 ਜੀਆਂ ਦੀ ਮੌਤ
ਵਾਸ਼ਿੰਗਟਨ, 3 ਜੁਲਾਈ 2026
ਅਮਰੀਕਾ ਦੇ ਮੈਸਾਚੁਸੇਟਸ ਸੂਬੇ ਦੇ ਵਾਰਸੇਸਟਰ (Worcester) ਸ਼ਹਿਰ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਜਰਾਤ ਦੇ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਪਰਿਵਾਰ ਗੁਜਰਾਤ ਦੇ ਨਾਡੀਆਡ ਦਾ ਰਹਿਣ ਵਾਲਾ ਸੀ, ਜੋ ਕਿ ਉੱਥੋਂ ਦੇ ‘ਇਕੋਨੋ ਲਾਜ’ (Econo Lodge) ਹੋਟਲ ਵਿੱਚ ਰੁਕਿਆ ਹੋਇਆ ਸੀ।
ਇਸੇ ਦੌਰਾਨ ਹੋਟਲ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਦੀ ਲਪੇਟ ਵਿੱਚ ਆਉਣ ਕਾਰਨ ਤਿੰਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਿਤੇਸ਼ ਸੁਥਾਰ, ਹਿਨਾਬੇਨ ਅਤੇ ਇਸ਼ਾਨੀ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਹਿਤੇਸ਼ ਸੁਥਾਰ ਆਪਣੀ ਪਤਨੀ ਹਿਨਾਬੇਨ ਅਤੇ 20 ਸਾਲਾ ਧੀ ਇਸ਼ਾਨੀ ਨਾਲ ਪਿਛਲੇ ਦੋ ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਸਨ। ਇਸ ਮੰਦਭਾਗੀ ਘਟਨਾ ਤੋਂ ਬਾਅਦ ਜਿੱਥੇ ਅਮਰੀਕਾ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ, ਉੱਥੇ ਹੀ ਗੁਜਰਾਤ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।



