ਹਿਮਾਚਲ ‘ਚ ਮਾਨਸੂਨ ਦਾ ਕਹਿਰ: ਕਿੰਨੌਰ ‘ਚ ਭਾਰੀ ਮੀਂਹ ਮਗਰੋਂ ਵੱਡਾ ਲੈਂਡਸਲਾਈਡ, NH-5 ਬੰਦ; ਕਈ ਵਾਹਨ ਮਲਬੇ ਹੇਠ ਦੱਬੇ
ਸ਼ਿਮਲਾ 3 ਜੁਲਾਈ, 2026- ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਦਸਤਕ ਦੇ ਨਾਲ ਹੀ ਤਬਾਹੀ ਦਾ ਦੌਰ ਸ਼ੁਰੂ ਹੋ ਗਿਆ ਹੈ। ਖ਼ਾਸ ਕਰਕੇ ਕਿੰਨੌਰ ਜ਼ਿਲ੍ਹੇ ਵਿੱਚ ਬੀਤੀ ਰਾਤ ਪਏ ਭਾਰੀ ਮੀਂਹ ਨੇ ਵੱਡਾ ਨੁਕਸਾਨ ਕੀਤਾ ਹੈ। ਕਈ ਥਾਵਾਂ ‘ਤੇ ਢਿੱਗਾਂ ਡਿੱਗਣ (ਲੈਂਡਸਲਾਈਡ) ਦੀਆਂ ਘਟਨਾਵਾਂ ਕਾਰਨ ਰਾਸ਼ਟਰੀ ਰਾਜਮਾਰਗ-5 (NH-5) ਉੱਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰੇਕੋਂਗ ਪੀਓ ਤੋਂ ਲਗਭਗ 25 ਕਿਲੋਮੀਟਰ ਦੂਰ ਚੌਲਿੰਗ ਨਾਮਕ ਸਥਾਨ ‘ਤੇ ਪਹਾੜੀ ਤੋਂ ਵੱਡੀ ਮਾਤਰਾ ਵਿੱਚ ਮਲਬਾ ਅਤੇ ਪੱਥਰ ਸੜਕ ‘ਤੇ ਆ ਡਿੱਗੇ, ਜਿਸ ਕਾਰਨ ਹਾਈਵੇਅ ਪੂਰੀ ਤਰ੍ਹਾਂ ਬੰਦ ਹੋ ਗਿਆ। ਚਿੰਤਾਜਨਕ ਖ਼ਬਰ ਇਹ ਹੈ ਕਿ ਇਸ ਹਾਦਸੇ ਦੌਰਾਨ ਸੜਕ ਕਿਨਾਰੇ ਖੜ੍ਹੇ ਕਈ ਵਾਹਨ ਵੀ ਮਲਬੇ ਦੀ ਲਪੇਟ ਵਿੱਚ ਆ ਕੇ ਦੱਬ ਗਏ ਹਨ।
ਇਸ ਦੇ ਨਾਲ ਹੀ, ਅੱਜ ਸਵੇਰ ਦੇ ਸਮੇਂ ਹੋਈ ਭਾਰੀ ਬਾਰਸ਼ ਕਾਰਨ ਕਿੰਨੌਰ ਦੇ ਰਿੱਬਾ ਪਿੰਡ ਵਿੱਚ ਹੜ੍ਹ ਵਰਗੀ ਸਥਿਤੀ ਅਤੇ ਭਾਰੀ ਮੀਂਹ ਨੂੰ ਦੇਖਦਿਆਂ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਸ਼ਾਸਨ ਵੱਲੋਂ ਹਾਲਾਤ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੇ ਅਗਲੇ ਕੁਝ ਦਿਨਾਂ ਤੱਕ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਲਈ ਸੂਬੇ ਵਿੱਚ ਚੇਤਾਵਨੀ ਜਾਰੀ ਕੀਤੀ ਹੈ। ਕਾਂਗੜਾ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਬਹੁਤ ਭਾਰੀ ਮੀਂਹ ਪੈਣ ਦਾ ਖ਼ਦਸ਼ਾ ਹੈ। ਕੁੱਲੂ, ਸ਼ਿਮਲਾ, ਸਿਰਮੌਰ ਅਤੇ ਊਨਾ ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਚੇਤ ਰਹਿਣ ਲਈ ਕਿਹਾ ਗਿਆ ਹੈ।
ਖ਼ਰਾਬ ਮੌਸਮ ਅਤੇ ਲੈਂਡਸਲਾਈਡ ਦੇ ਖ਼ਤਰੇ ਨੂੰ ਦੇਖਦਿਆਂ ਸਥਾਨਕ ਪ੍ਰਸ਼ਾਸਨ ਨੇ ਲੋਕਾਂ ਅਤੇ ਸੈਲਾਨੀਆਂ ਨੂੰ ਨਦੀਆਂ-ਨਾਲਿਆਂ ਦੇ ਨੇੜੇ ਨਾ ਜਾਣ ਅਤੇ ਪਹਾੜੀ ਇਲਾਕਿਆਂ ਵਿੱਚ ਗੈਰ-ਜ਼ਰੂਰੀ ਸਫ਼ਰ ਤੋਂ ਬਚਣ ਦੀ ਅਪੀਲ ਕੀਤੀ ਹੈ।



