Sukhjinder Randhawa’s big statement after meeting Amit Shah- ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਕਿਹਾ…
ਚੰਡੀਗੜ੍ਹ/ਨਵੀਂ ਦਿੱਲੀ, 3 ਜੁਲਾਈ2026- ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ (MP) ਸੁਖਜਿੰਦਰ ਸਿੰਘ ਰੰਧਾਵਾ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ। ਹੁਣ ਇਸ ਮੁਲਾਕਾਤ ਨੂੰ ਲੈ ਕੇ ਖੁਦ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਇਹ ਬੈਠਕ ਪੂਰੀ ਤਰ੍ਹਾਂ ਗੈਰ-ਰਾਜਨੀਤਿਕ ਸੀ ਅਤੇ ਇਸ ਦੇ ਕੋਈ ਸਿਆਸੀ ਮਾਇਨੇ ਨਹੀਂ ਕੱਢੇ ਜਾਣੇ ਚਾਹੀਦੇ।
ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ MP ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮੁਲਾਕਾਤ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪਹਿਲਾਂ ਹੀ ਸਮਾਂ ਲਿਆ ਹੋਇਆ ਸੀ। ਮੀਟਿੰਗ ਦੌਰਾਨ ਪੰਜਾਬ ਨਾਲ ਜੁੜੇ ਕਈ ਅਹਿਮ ਨੁਕਤੇ ਚੁੱਕੇ ਗਏ; ਰੰਧਾਵਾ ਅਨੁਸਾਰ ਇਹ ਮੁਲਾਕਾਤ ਪੰਜਾਬ ਦੀ ਮੌਜੂਦਾ ਸੁਰੱਖਿਆ ਵਿਵਸਥਾ (Law and Order) ਨੂੰ ਲੈ ਕੇ ਸੀ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਾ ਹੋਣ ਦੇ ਨਾਤੇ ਪੰਜਾਬ ਨੂੰ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਨੇ ਸੂਬੇ ਵਿੱਚ ਵਧ ਰਹੇ ਗੈਂਗਸਟਰਵਾਦ ਦੇ ਮੁੱਦੇ ਨੂੰ ਕੇਂਦਰੀ ਗ੍ਰਹਿ ਮੰਤਰੀ ਕੋਲ ਗੰਭੀਰਤਾ ਨਾਲ ਉਠਾਇਆ। ਰੰਧਾਵਾ ਨੇ ਜੇਲ੍ਹਾਂ ਦੇ ਅੰਦਰੋਂ ਚੱਲ ਰਹੇ ਮੋਬਾਈਲ ਫ਼ੋਨਾਂ ਦੇ ਨੈੱਟਵਰਕ ਵਰਗੇ ਖ਼ਤਰਨਾਕ ਮਾਮਲਿਆਂ ਬਾਰੇ ਵੀ ਅਮਿਤ ਸ਼ਾਹ ਨਾਲ ਚਰਚਾ ਕੀਤੀ। ਆਪਣੇ ਸਿਆਸੀ ਸਟੈਂਡ ਨੂੰ ਸਪੱਸ਼ਟ ਕਰਦਿਆਂ ਰੰਧਾਵਾ ਨੇ ਕਿਹਾ, “ਮੈਂ ਕਾਂਗਰਸ ਪਾਰਟੀ ਵਿੱਚ ਜਿਸ ਉੱਚੇ ਅਹੁਦੇ ਅਤੇ ਪੁਜ਼ੀਸ਼ਨ ‘ਤੇ ਹਾਂ, ਉੱਥੇ ਰਹਿ ਕੇ ਮੈਂ ਆਪਣੀ ਪਾਰਟੀ ਦਾ ਕੰਮ ਪੂਰੀ ਇਮਾਨਦਾਰੀ ਨਾਲ ਕਰ ਰਿਹਾ ਹਾਂ ਅਤੇ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾ ਰਿਹਾ ਹਾਂ।”
ਸੂਬਾ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਈਕਮਾਂਡ ਨਾਲ ਕਥਿਤ ਨਾਰਾਜ਼ਗੀ ਬਾਰੇ ਪੁੱਛੇ ਗਏ ਸਵਾਲ ‘ਤੇ ਰੰਧਾਵਾ ਨੇ ਕਿਹਾ ਕਿ ਇਸ ਬਾਰੇ ਮੇਰੇ ਨਾਲੋਂ ਬਿਹਤਰ ਚੰਨੀ ਖੁਦ ਹੀ ਦੱਸ ਸਕਦੇ ਹਨ, ਇਹ ਸਵਾਲ ਉਨ੍ਹਾਂ ਨੂੰ ਹੀ ਕੀਤਾ ਜਾਣਾ ਚਾਹੀਦਾ ਹੈ। ਰੰਧਾਵਾ ਨੇ ਚੁਟਕੀ ਲੈਂਦਿਆਂ ਅੱਗੇ ਕਿਹਾ ਕਿ ਜੇਕਰ ਇੰਨੀਆਂ ਅਹਿਮ ਮੀਟਿੰਗਾਂ ਤੋਂ ਬਾਅਦ ਵੀ ਕੋਈ ਨਾਰਾਜ਼ਗੀ ਜਾਂ ਅਜਿਹੀ ਬੇਪ੍ਰਵਾਹੀ ਹੈ, ਤਾਂ ਫਿਰ ਕੀ ਕੀਤਾ ਜਾ ਸਕਦਾ ਹੈ?



