ਲੈਂਡ ਪੂਲਿੰਗ ਨੀਤੀ ‘ਤੇ ਆਰ-ਪਾਰ ਦੀ ਲੜਾਈ: ਮਰਜ਼ੀ ਤੋਂ ਬਿਨਾਂ ਇੱਕ ਇੰਚ ਜ਼ਮੀਨ ਵੀ ਨਹੀਂ ਦਿਆਂਗੇ- SKM
ਚੰਡੀਗੜ੍ਹ 3 ਜੁਲਾਈ, 2026- ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ (SKM) ਨੇ ਸਿੱਧੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਨਵੀਆਂ ਸੋਧਾਂ ਨਾਲ ਲਿਆਂਦੀ ਗਈ ਇਸ ਨੀਤੀ ਨੂੰ ਲੈ ਕੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ ਅਤੇ ਸਰਕਾਰ ਵਿਰੁੱਧ ਤਿੱਖੇ ਤੇਵਰ ਅਖਤਿਆਰ ਕਰ ਲਏ ਹਨ।
ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਨੂੰ ਸਖ਼ਤ ਲਹਿਜ਼ੇ ਵਿੱਚ ਤਾੜਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੀ ਸਹਿਮਤੀ ਤੋਂ ਬਿਨਾਂ ਇੱਕ ਇੰਚ ਜ਼ਮੀਨ ਵੀ ਜਬਰੀ ਐਕੁਆਇਰ ਨਹੀਂ ਹੋਣ ਦਿੱਤੀ ਜਾਵੇਗੀ। ਮੋਰਚੇ ਮੁਤਾਬਕ, ਨਵੀਂ ਲੈਂਡ ਪੂਲਿੰਗ ਨੀਤੀ ਵਿੱਚ ਸੋਧਾਂ ਦੇ ਨਾਮ ਹੇਠ ਕਿਸਾਨਾਂ ਨੂੰ ਇੱਕ ਵੱਡੇ ਭਰਮ ਜਾਲ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਅੱਜ ਇੱਕ ਅਹਿਮ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਕਿਸਾਨਾਂ ਦੇ ਪੁਰਖਿਆਂ ਦੀਆਂ ਜ਼ਮੀਨਾਂ ਨੂੰ ਕਿਸੇ ਵੀ ਕੀਮਤ ’ਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਨਹੀਂ ਹੋਣ ਦਿੱਤਾ ਜਾਵੇਗਾ। ਇਹ ਜ਼ਮੀਨਾਂ ਸਿਰਫ਼ ਮਿੱਟੀ ਦੇ ਟੁਕੜੇ ਨਹੀਂ, ਬਲਕਿ ਕਿਸਾਨਾਂ ਦਾ ਖ਼ੂਨ-ਪਸੀਨਾ ਅਤੇ ਉਨ੍ਹਾਂ ਦੇ ਪੁਰਖਿਆਂ ਦੀ ਪਵਿੱਤਰ ਨਿਸ਼ਾਨੀ ਹਨ।
ਮੋਰਚੇ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਹੁਣ ਕਿਸਾਨਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੋਧਾਂ ਦੇ ਨਾਮ ਹੇਠ ਜ਼ਮੀਨ ਦੇ ਬਦਲੇ ਮਿਲਣ ਵਾਲੇ ਰਿਹਾਇਸ਼ੀ (Residential) ਅਤੇ ਵਪਾਰਕ (Commercial) ਪਲਾਟਾਂ ਦੇ ਖੇਤਰਫਲ ਵਿੱਚ ਸਿਰਫ਼ ਮਾਮੂਲੀ ਬਦਲਾਅ ਕੀਤੇ ਗਏ ਹਨ, ਜੋ ਕਿ ਕਿਸਾਨਾਂ ਨਾਲ ਸਿੱਧਾ ਮਜ਼ਾਕ ਹੈ। ਕਿਸਾਨ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਇਸ ਨੀਤੀ ਨੂੰ ਕਿਸੇ ਵੀ ਰੂਪ ਵਿੱਚ ਪ੍ਰਵਾਨ ਨਹੀਂ ਕਰਨਗੇ ਅਤੇ ਲੋੜ ਪੈਣ ‘ਤੇ ਤਿੱਖਾ ਅੰਦੋਲਨ ਉਲੀਕਿਆ ਜਾਵੇਗਾ।



