ਚੰਡੀਗੜ੍ਹ ਕੂਚ ਲਈ ਕਿਸਾਨ ਜਥੇਬੰਦੀਆਂ ਨੇ ਕਮਰਕੱਸੇ, ਉਗਰਾਹਾਂ ਨੇ ਦਿੱਤੀ ਸਰਕਾਰ ਨੂੰ ਚਿਤਾਵਨੀ
ਬਰਨਾਲਾ, 4 ਜੁਲਾਈ 2026
ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ ਬਰਨਾਲਾ ਨੇੜਲੇ ਪਿੰਡ ਚੀਮਾ ਵਿਖੇ ਹੋਈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦਾ ਮੁੱਖ ਉਦੇਸ਼ ਬੀ.ਕੇ.ਯੂ. (ਉਗਰਾਹਾਂ) ਅਤੇ ਬੀ.ਕੇ.ਯੂ. (ਡਕੌਂਦਾ) ਧਨੇਰ ਵੱਲੋਂ ਸਾਂਝੇ ਤੌਰ ’ਤੇ ਉਲੀਕੇ ਗਏ 10 ਜੁਲਾਈ ਦੇ ਚੰਡੀਗੜ੍ਹ ਕੂਚ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸੀ।
ਮੀਟਿੰਗ ਦੌਰਾਨ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਸੰਘਰਸ਼ ਦੀ ਰਣਨੀਤੀ ਬਾਰੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ 10 ਜੁਲਾਈ ਨੂੰ ਚੰਡੀਗੜ੍ਹ ਵਿੱਚ ਦੋਵਾਂ ਵੱਡੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੀ ਅਤੇ ਤਿੱਖੀ ਕਾਰਵਾਈ ਕੀਤੀ ਜਾਵੇਗੀ। ਇਸ ਸੰਘਰਸ਼ ਲਈ ਪਿੰਡ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਕਿਸਾਨਾਂ ਨੂੰ ਲਾਮਬੰਦ ਕਰਨ ਦੀ ਯੋਜਨਾਬੰਦੀ ਕੀਤੀ ਗਈ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਦਰਮਿਆਨ ਹੋਣ ਵਾਲੇ ਸੰਭਾਵੀ ਸਮਝੌਤੇ ਕਿਸਾਨੀ ਅਤੇ ਦੇਸ਼ ਦੇ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸਮਝੌਤੇ ਸਿਰੇ ਚੜ੍ਹਦੇ ਹਨ, ਤਾਂ ਇਸ ਦੇ ਨਤੀਜੇ ਬਹੁਤ ਭਿਆਨਕ ਹੋਣਗੇ। ਇਸ ਨਾਲ ਨਾ ਸਿਰਫ ਖੇਤੀ ਖੇਤਰ ਨਾਲ ਜੁੜੇ ਸਹਾਇਕ ਧੰਦੇ ਪੂਰੀ ਤਰ੍ਹਾਂ ਚੌਪਟ ਹੋ ਜਾਣਗੇ, ਸਗੋਂ ਸਾਡੀ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਵੀ ਗੰਭੀਰ ਖ਼ਤਰੇ ਵਿੱਚ ਪੈ ਜਾਵੇਗਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਵੀ ਕਿਸਾਨਾਂ ਨੂੰ ਇਸ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਆਗੂਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀਆਂ ਕਿਸਾਨ-ਵਿਰੋਧੀ ਨੀਤੀਆਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਮੀਟਿੰਗ ਵਿੱਚ ਜ਼ਿਲ੍ਹਿਆਂ ਤੋਂ ਪਹੁੰਚੇ ਨੁਮਾਇੰਦਿਆਂ ਨੇ ਚੰਡੀਗੜ੍ਹ ਕੂਚ ਨੂੰ ਸਫਲ ਬਣਾਉਣ ਲਈ ਪੂਰੇ ਉਤਸ਼ਾਹ ਨਾਲ ਆਪਣੀ ਸਹਿਮਤੀ ਪ੍ਰਗਟਾਈ।



