ਲੁਧਿਆਣਾ: ਮਾਡਲ ਟਾਊਨ ‘ਚ ਸਵੇਰ ਦੀ ਸੈਰ ਦੌਰਾਨ ਤੇਜ਼ ਰਫਤਾਰ ਕਾਰ ਦਾ ਕਹਿਰ, ਔਰਤ ਦੀ ਮੌਤ
ਲੁਧਿਆਣਾ, 4 ਜੁਲਾਈ 2026
ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਸ਼ੁੱਕਰਵਾਰ ਸਵੇਰੇ ਸੈਰ ‘ਤੇ ਨਿਕਲੀਆਂ ਦੋ ਸਹੇਲੀਆਂ ਨੂੰ ਇੱਕ ਬੇਕਾਬੂ ਅਤੇ ਤੇਜ਼ ਰਫਤਾਰ ਕਾਰ ਨੇ ਆਪਣੀ ਲਪੇਟ ‘ਚ ਲੈ ਲਿਆ। ਇਸ ਭਿਆਨਕ ਹਾਦਸੇ ਵਿੱਚ ਇੱਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦੀ ਸਹੇਲੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ।
ਮ੍ਰਿਤਕਾ ਦੀ ਪਛਾਣ ਹਰਪ੍ਰੀਤ ਕੌਰ ਵਜੋਂ ਹੋਈ ਹੈ, ਜੋ ਮਾਡਲ ਟਾਊਨ ਦੇ ਚਾਰ ਖੰਭਾ ਚੌਕ ਇਲਾਕੇ ਦੀ ਰਹਿਣ ਵਾਲੀ ਸੀ ਅਤੇ ਇੱਕ ਪ੍ਰਾਪਰਟੀ ਕਾਰੋਬਾਰੀ ਦੀ ਪਤਨੀ ਸੀ। ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਸਵੇਰੇ ਹਰਪ੍ਰੀਤ ਕੌਰ ਆਪਣੀ ਸਹੇਲੀ ਨਾਲ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਨਿਕਲੀ ਸੀ। ਇਸੇ ਦੌਰਾਨ ਇੱਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਾਲਕ ਹਰਪ੍ਰੀਤ ਕੌਰ ਨੂੰ ਕਰੀਬ 10 ਮੀਟਰ ਤੱਕ ਘੜੀਸਦਾ ਹੋਇਆ ਲੈ ਗਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਪੂਰੇ ਹਾਦਸੇ ਦੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਾਰ ਕਿੰਨੀ ਰਫਤਾਰ ਵਿੱਚ ਸੀ ਅਤੇ ਟੱਕਰ ਕਿੰਨੀ ਜ਼ੋਰਦਾਰ ਸੀ। ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਚਾਲਕ ਨੇ ਗੱਡੀ ਉੱਥੇ ਹੀ ਛੱਡ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜ਼ਖਮੀ ਔਰਤ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਫਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮੰਦਭਾਗੀ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ।



