ਮੁੱਖ ਮੰਤਰੀ ਮਾਨ ਨੂੰ ਅਕਾਲ ਤਖ਼ਤ ਅਤੇ ਸਰਕਾਰ ਵਿਚਾਲੇ ਟਕਰਾਅ ਖ਼ਤਮ ਕਰਨ ਲਈ ਪਹਿਲ ਕਰਨੀ ਚਾਹੀਦੀ- ਗਿਆਨੀ ਹਰਪ੍ਰੀਤ ਸਿੰਘ ਦੀ ਨੇਕ ਸਲਾਹ

Top Trending News ਪੰਜਾਬ

 

ਮੁੱਖ ਮੰਤਰੀ ਮਾਨ ਨੂੰ ਅਕਾਲ ਤਖ਼ਤ ਅਤੇ ਸਰਕਾਰ ਵਿਚਾਲੇ ਟਕਰਾਅ ਖ਼ਤਮ ਕਰਨ ਲਈ ਪਹਿਲ ਕਰਨੀ ਚਾਹੀਦੀ- ਗਿਆਨੀ ਹਰਪ੍ਰੀਤ ਸਿੰਘ ਦੀ ਨੇਕ ਸਲਾਹ

ਚੰਡੀਗੜ੍ਹ, 7 ਜੁਲਾਈ 2026

ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਅਹਿਮ ਮੀਟਿੰਗ ਦੌਰਾਨ ਪੰਜਾਬ ਦੀ ਰਾਜਨੀਤਿਕ ਸਥਿਤੀ ਅਤੇ ਪਾਰਟੀ ਦੇ ਅੰਦਰੂਨੀ ਮਾਮਲਿਆਂ ‘ਤੇ ਵੱਡੇ ਬਿਆਨ ਦਿੱਤੇ ਹਨ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਚੱਲ ਰਹੇ ਵਿਵਾਦਤ ਵੀਡੀਓ ਮਾਮਲੇ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਟਕਰਾਅ ਨੂੰ ਖ਼ਤਮ ਕਰਨ ਦੀ ਜ਼ਿੰਮੇਵਾਰੀ ਸੂਬੇ ਦੇ ਮੁੱਖ ਮੰਤਰੀ ਦੀ ਬਣਦੀ ਹੈ ਅਤੇ ਉਨ੍ਹਾਂ ਨੂੰ ਇਸ ਦਿਸ਼ਾ ਵਿੱਚ ਤੁਰੰਤ ਪਹਿਲ ਕਰਨੀ ਚਾਹੀਦੀ ਹੈ।

ਮੀਟਿੰਗ ਦੌਰਾਨ ਪਾਰਟੀ ਦੇ ਅਨੁਸ਼ਾਸਨ ਨੂੰ ਲੈ ਕੇ ਵੀ ਸਖ਼ਤ ਰੁਖ ਅਪਣਾਇਆ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਅਨੁਸ਼ਾਸਨੀ ਕਮੇਟੀ ਦੇ ਮੁਖੀ ਨੂੰ ਸਪੱਸ਼ਟ ਆਦੇਸ਼ ਦਿੱਤੇ ਹਨ ਕਿ ਪਾਰਟੀ ਦੇ ਅੰਦਰ ਰਹਿ ਕੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਵਾਲੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਰਿਆਦਾ ਅਤੇ ਅਨੁਸ਼ਾਸਨ ਨੂੰ ਬਰਕਰਾਰ ਰੱਖਣਾ ਸਭ ਤੋਂ ਪਹਿਲੀ ਤਰਜੀਹ ਹੈ, ਇਸ ਲਈ ਅਨੁਸ਼ਾਸਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ, ਮੀਟਿੰਗ ਵਿੱਚ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਦੇ ਮੁੱਦੇ ‘ਤੇ ਵੀ ਗੰਭੀਰ ਚਰਚਾ ਕੀਤੀ ਗਈ। ਪਾਰਟੀ ਨੇ ਇਸ ਗੱਲ ‘ਤੇ ਸਖ਼ਤ ਇਤਰਾਜ਼ ਜਤਾਇਆ ਕਿ ਓ.ਟੀ.ਟੀ. (OTT) ਪਲੇਟਫਾਰਮ ‘ਤੇ ਰਿਲੀਜ਼ ਹੋਣ ਤੋਂ ਇੱਕ ਦਿਨ ਬਾਅਦ ਹੀ ਇਸ ਫ਼ਿਲਮ ਨੂੰ ਹਟਾ ਦਿੱਤਾ ਗਿਆ ਹੈ। ਇਸ ਸਬੰਧੀ ਮੀਟਿੰਗ ਵਿੱਚ ਇੱਕ ਨਿਖੇਧੀ ਮਤਾ ਪਾਸ ਕਰਦਿਆਂ ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਫ਼ਿਲਮ ਨੂੰ ਬਿਨਾਂ ਕਿਸੇ ਸੈਂਸਰ ਦੇ ਤੁਰੰਤ ਸਿਨੇਮਾ ਘਰਾਂ ਵਿੱਚ ਰਿਲੀਜ਼ ਕੀਤਾ ਜਾਵੇ ਤਾਂ ਜੋ ਲੋਕ ਸ਼ਹੀਦ ਖਾਲੜਾ ਦੇ ਸੰਘਰਸ਼ੀ ਜੀਵਨ ਤੋਂ ਜਾਣੂ ਹੋ ਸਕਣ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ (ਪੁਨਰ ਸੁਰਜੀਤ) ਪੰਜਾਬ ਦੇ ਹਿੱਤਾਂ ਅਤੇ ਸਿੱਖ ਮਸਲਿਆਂ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।