IMD Alert: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਪੈਣ ਦੀ ਚੇਤਾਵਨੀ!
ਚੰਡੀਗੜ੍ਹ, 14 ਜੁਲਈ 2026
IMD Alert: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਮੱਠੀ ਪੈ ਗਈ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਲਈ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਹਾਲਾਂਕਿ ਅਸਮਾਨ ਵਿੱਚ ਬੱਦਲਵਾਈ ਬਣੀ ਰਹੇਗੀ। ਸੂਬੇ ਦੇ ਤਕਰੀਬਨ 16 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦਾ ਵਾਧਾ ਦੇਖਿਆ ਗਿਆ, ਜੋ ਕਿ ਹੁਣ ਲਗਭਗ ਆਮ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਹਲਕੀ ਬੂੰਦਾਬਾਂਦੀ ਦੀ ਸੰਭਾਵਨਾ ਹੈ।
ਚੰਡੀਗੜ੍ਹ ਵਿੱਚ ਬੱਦਲਵਾਈ ਦੇ ਨਾਲ-ਨਾਲ ਕਿਤੇ-ਕਿਤੇ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਇੱਥੇ ਤੇਜ਼ ਹਨੇਰੀ ਦੀ ਚੇਤਾਵਨੀ ਵੀ ਦਿੱਤੀ ਹੈ। ਇਸ ਸਥਿਤੀ ਨੂੰ ਦੇਖਦਿਆਂ ਚੰਡੀਗੜ੍ਹ ਨਿਗਮ ਨੇ ਲੋਕਾਂ ਨੂੰ ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਚੰਡੀਗੜ੍ਹ, ਮੋਹਾਲੀ ਅਤੇ ਜਲੰਧਰ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪਿਆ।



