- ਵੱਡੀ ਖ਼ਬਰ: ਪੰਜਾਬ ਸਰਕਾਰ ਨੇ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ ਕੀਤੇ ਜਾਰੀ
ਚੰਡੀਗੜ੍ਹ, 16 ਜੁਲਾਈ (ਦੇਸ਼ ਕਲਿੱਕ ਬਿਊਰੋ): ਮੋਹਾਲੀ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ ਗਏ। ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਲਾਇਸੈਂਸ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦੀ ਇੱਕ ਵੱਡੀ ਜ਼ਿੰਮੇਵਾਰੀ ਹੈ।
ਉਨ੍ਹਾਂ ਨੇ ਨਵੇਂ ਡਿਪੂ ਹੋਲਡਰਾਂ ਨੂੰ ਅਪੀਲ ਕੀਤੀ ਕਿ ਉਹ ਹਰ ਲੋੜਵੰਦ ਨਾਲ ਇਨਸਾਫ਼, ਇਮਾਨਦਾਰੀ ਅਤੇ ਸਨਮਾਨ ਨਾਲ ਪੇਸ਼ ਆਉਣ। ਖ਼ਾਸ ਕਰਕੇ ਬਜ਼ੁਰਗਾਂ, ਦਿਵਿਆਂਗਾਂ ਅਤੇ ਗਰੀਬ ਪਰਿਵਾਰਾਂ ਦੀ ਸਹਾਇਤਾ ਨੂੰ ਆਪਣਾ ਪਹਿਲਾ ਫ਼ਰਜ਼ ਸਮਝਣ, ਤਾਂ ਜੋ ਸਰਕਾਰੀ ਯੋਜਨਾਵਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਲੋੜਵੰਦਾਂ ਤੱਕ ਪਹੁੰਚ ਸਕੇ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਵੀ ਕਿਹਾ ਗਿਆ ਕਿ ਸਰਕਾਰ ਦਾ ਹਰ ਫ਼ੈਸਲਾ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ ਅਤੇ ਲੋਕਾਂ ਦੇ ਟੈਕਸ ਦਾ ਹਰ ਪੈਸਾ ਮੁੜ ਲੋਕਾਂ ਦੀ ਭਲਾਈ ਅਤੇ ਵਿਕਾਸ ‘ਤੇ ਖਰਚ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਸੇਵਾ, ਇਮਾਨਦਾਰੀ ਅਤੇ ਭਰੋਸੇ ਦੇ ਨਾਲ ਮਿਲ ਕੇ ਮੁੜ ਰੰਗਲਾ ਪੰਜਾਬ ਬਣਾਉਣ ਦਾ ਸੱਦਾ ਵੀ ਦਿੱਤਾ।



