AAP ਵਿਧਾਇਕ ਸੜਕ ਹਾਦਸੇ ’ਚ ਜ਼ਖ਼ਮੀ, ਹਾਲਤ ਹੁਣ ਖਤਰੇ ਤੋਂ ਬਾਹਰ
ਚੰਡੀਗੜ੍ਹ, 17 ਜੁਲਾਈ 2026
ਮਾਨਸਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦੇ ਨਾਲ ਇੱਕ ਮੰਦਭਾਗੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਡਾ. ਸਿੰਗਲਾ ਚੰਡੀਗੜ੍ਹ ਵਿੱਚ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਵਿੱਚ ਉਹ ਜ਼ਖ਼ਮੀ ਹੋ ਗਏ।
ਘਟਨਾ ਉਸ ਸਮੇਂ ਵਾਪਰੀ ਜਦੋਂ ਡਾ. ਵਿਜੈ ਸਿੰਗਲਾ ਆਪਣੀ ਸਵੇਰ ਦੀ ਸੈਰ (Morning Walk) ਤੋਂ ਬਾਅਦ ਵਾਪਸ ਘਰ ਪਰਤ ਰਹੇ ਸਨ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਹ ਜ਼ਮੀਨ ‘ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫੀ ਸੱਟਾਂ ਲੱਗੀਆਂ।
ਹਾਦਸੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨੇੜਲੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਹਾਦਸੇ ਦੀ ਖ਼ਬਰ ਫੈਲਦਿਆਂ ਹੀ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀਆਂ ਦੁਆਵਾਂ ਕੀਤੀਆਂ ਜਾਣ ਲੱਗੀਆਂ।
ਡਾ. ਵਿਜੈ ਸਿੰਗਲਾ ਦੇ ਪੀ.ਏ. ਅਤੇ ਉਨ੍ਹਾਂ ਦੀ ਨਿੱਜੀ ਟੀਮ ਨੇ ਸੋਸ਼ਲ ਮੀਡੀਆ ਰਾਹੀਂ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਟੀਮ ਵੱਲੋਂ ਜਾਰੀ ਬਿਆਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਡਾ. ਸਿੰਗਲਾ ਹੁਣ ਖਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਆਪਣੇ ਪਸੰਦੀਦਾ ਆਗੂ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਸੁਣ ਕੇ ਮਾਨਸਾ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੇ ਰਾਹਤ ਦਾ ਸਾਹ ਲਿਆ ਹੈ। ਸੋਸ਼ਲ ਮੀਡੀਆ ‘ਤੇ ਵੀ ਵਰਕਰਾਂ ਵੱਲੋਂ ਲਗਾਤਾਰ ਸੁਨੇਹੇ ਭੇਜ ਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੋਟਰਸਾਈਕਲ ਸਵਾਰ ਦੀ ਪਛਾਣ ਕੀਤੀ ਜਾ ਸਕੇ।



