ਸਰਕਾਰੀ ਸਕੂਲਾਂ ‘ਚ ਨਵੀਂ ਪਹਿਲ! ਹੁਣ ਵਿਦਿਆਰਥੀ ਪੜ੍ਹਾਈ ਦੇ ਨਾਲ ਸਿੱਖਣਗੇ ‘ਸੰਸਕਾਰ’
ਚੰਡੀਗੜ੍ਹ 17 ਜੁਲਾਈ 2026
ਹਰਿਆਣਾ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਸਿੱਖਿਆ ਦਾ ਮਤਲਬ ਸਿਰਫ਼ ਕਿਤਾਬੀ ਗਿਆਨ ਤੱਕ ਹੀ ਸੀਮਤ ਨਹੀਂ ਰਹੇਗਾ। ਸੂਬੇ ਦੇ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਲਈ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਹੁਣ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਰ ਕਲਾਸ ਲਈ ਹਫ਼ਤੇ ਵਿੱਚ ਇੱਕ ਵਾਰ ਇੱਕ ਘੰਟੇ ਦਾ ‘ਸੰਸਕਾਰ ਪੀਰੀਅਡ’ ਲਾਜ਼ਮੀ ਕਰ ਦਿੱਤਾ ਗਿਆ ਹੈ।
ਸੈਕੰਡਰੀ ਸਿੱਖਿਆ ਡਾਇਰੈਕਟੋਰੇਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਇਸ ਵਿਸ਼ੇਸ਼ ਪੀਰੀਅਡ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਅਨੁਸ਼ਾਸਨ, ਸਮਾਜਿਕ ਜ਼ਿੰਮੇਵਾਰੀ, ਸੇਵਾ ਭਾਵਨਾ ਅਤੇ ਮਨੁੱਖੀ ਕਦਰਾਂ-ਕੀਮਤਾਂ ਦੇ ਵਿਹਾਰਕ ਪਾਠ ਪੜ੍ਹਾਉਣਾ ਹੈ। ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਵਧੇਰੇ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ।
ਸੰਸਕਾਰ ਪੀਰੀਅਡ ਦੌਰਾਨ ਵਿਦਿਆਰਥੀ ਸਿਰਫ਼ ਕਲਾਸਰੂਮ ਵਿੱਚ ਨਹੀਂ ਬੈਠਣਗੇ, ਸਗੋਂ ਉਹ ਵੱਖ-ਵੱਖ ਵਿਹਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ। ਇਨ੍ਹਾਂ ਵਿੱਚ ਸਕੂਲ ਕੰਪਲੈਕਸ ਅਤੇ ਆਲੇ-ਦੁਆਲੇ ਦੀ ਸਫ਼ਾਈ ਕਰਨਾ। ਪੌਦੇ ਲਗਾਉਣਾ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ। ਪਾਣੀ ਦੀ ਬੱਚਤ ਅਤੇ ਬਿਜਲੀ ਦੀ ਸਹੀ ਵਰਤੋਂ ਬਾਰੇ ਜਾਗਰੂਕਤਾ। ਵਿਦਿਆਰਥੀਆਂ ਨੂੰ ਨਿੱਜੀ ਸਫਾਈ ਦੇ ਮਹੱਤਵ ਬਾਰੇ ਸਿਖਾਉਣਾ ਸ਼ਾਮਲ ਹਨ।
ਇਸ ਤੋਂ ਇਲਾਵਾ, ਰਾਸ਼ਟਰੀ ਸੇਵਾ ਯੋਜਨਾ (NSS) ਦੀਆਂ ਇਕਾਈਆਂ ਨੂੰ ਭਾਈਚਾਰਕ ਗਤੀਵਿਧੀਆਂ ਨਾਲ ਜੋੜਿਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਵਿੱਚ ਸਮਾਜ ਸੇਵਾ ਦੀ ਭਾਵਨਾ ਪ੍ਰਬਲ ਹੋ ਸਕੇ।
ਸਿੱਖਿਆ ਡਾਇਰੈਕਟੋਰੇਟ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪ੍ਰਭਾਵ ਨਾਲ ਹਰ ਕਲਾਸ ਦੀ ਸਮਾਂ-ਸਾਰਨੀ (Time Table) ਵਿੱਚ ਇਸ ਸੰਸਕਾਰ ਪੀਰੀਅਡ ਨੂੰ ਸ਼ਾਮਲ ਕਰਨ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕਦਮ ਨਾਲ ਸਕੂਲਾਂ ਵਿੱਚ ਸਿੱਖਿਆ ਦਾ ਮਾਹੌਲ ਬਦਲੇਗਾ ਅਤੇ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ-ਨਾਲ ਚੰਗੇ ਸੰਸਕਾਰ ਵੀ ਗ੍ਰਹਿਣ ਕਰਨਗੇ।
ਇਸ ਨਵੀਂ ਪਹਿਲਕਦਮੀ ਦੀ ਸਿੱਖਿਆ ਮਾਹਿਰਾਂ ਅਤੇ ਮਾਪਿਆਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ, ਜਿਨ੍ਹਾਂ ਦਾ ਮੰਨਣਾ ਹੈ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੇ।



