ਮਾਨਸਾ ‘ਚ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ
ਮਾਨਸਾ, 18 ਜੁਲਾਈ 2026
ਮਾਨਸਾ ਜ਼ਿਲ੍ਹੇ ਵਿੱਚੋਂ ਦੋ ਨੌਜਵਾਨਾਂ ਦੀ ਮੌਤ ਦੀਆਂ ਦੁਖਦਾਈ ਖ਼ਬਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਪਹਿਲੀ ਘਟਨਾ ਮਾਨਸਾ ਸ਼ਹਿਰ ਦੇ ਵਾਰਡ ਨੰਬਰ 23 ਅਤੇ ਦੂਜੀ ਪਿੰਡ ਖਿਆਲਾ ਕਲਾਂ ਦੀ ਹੈ। ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ਼ਹਿਰ ਦੇ ਵਾਰਡ ਨੰਬਰ 23 ਦੇ ਰਹਿਣ ਵਾਲੇ ਨੌਜਵਾਨ ਹਰਪ੍ਰੀਤ ਸਿੰਘ ਦੀ ਮੌਤ ਭੇਤ-ਭਰੀ ਹਾਲਤ ਵਿੱਚ ਹੋਈ ਹੈ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਆਪਣੇ ਘਰ ਵਿੱਚ ਸੁੱਤਾ ਪਿਆ ਸੀ, ਜਿੱਥੇ ਉਸਦੀ ਮੌਤ ਹੋ ਗਈ। ਥਾਣਾ ਸਿਟੀ-1 ਦੇ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮੌਤ ਕਿਸੇ ਬਿਮਾਰੀ ਜਾਂ ਦਿਲ ਦਾ ਦੌਰਾ ਪੈਣ ਕਾਰਨ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀ ਨੇ ਪਰਿਵਾਰ ਦੇ ਹਵਾਲੇ ਨਾਲ ਨਸ਼ੇ ਕਾਰਨ ਮੌਤ ਹੋਣ ਦੀਆਂ ਅਫ਼ਵਾਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।
ਦੂਜੇ ਪਾਸੇ, ਪਿੰਡ ਖਿਆਲਾ ਕਲਾਂ ਦੇ ਰਹਿਣ ਵਾਲੇ ਨੌਜਵਾਨ ਮਲਕੀਤ ਸਿੰਘ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਮਲਕੀਤ ਸਿੰਘ ਆਪਣੇ ਕੁਝ ਦੋਸਤਾਂ ਨਾਲ ਬੈਠ ਕੇ ਨਸ਼ਾ ਕਰ ਰਿਹਾ ਸੀ। ਨਸ਼ਾ ਕਰਨ ਤੋਂ ਬਾਅਦ ਉਸਦੀ ਹਾਲਤ ਗੰਭੀਰ ਹੋ ਗਈ, ਜਿਸ ਤੋਂ ਬਾਅਦ ਉਸਦੇ ਸਾਥੀ ਉਸਨੂੰ ਘਰ ਦੇ ਬਾਹਰ ਛੱਡ ਕੇ ਫਰਾਰ ਹੋ ਗਏ। ਘਰ ਪਹੁੰਚਣ ਤੋਂ ਕੁਝ ਸਮੇਂ ਬਾਅਦ ਹੀ ਮਲਕੀਤ ਸਿੰਘ ਦੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਠੂਠਿਆਂਵਾਲੀ ਪੁਲਿਸ ਚੌਕੀ ਨੇ ਕਾਰਵਾਈ ਕਰਦਿਆਂ ਪ੍ਰਦੀਪ ਸਿੰਘ, ਟਿੱਡਾ, ਗਲੈਟਰੀ ਅਤੇ ਇੱਕ ਅਣਪਛਾਤੇ ਵਿਅਕਤੀ ਸਮੇਤ ਚਾਰ ਜਣਿਆਂ ਖਿਲਾਫ ਕੇਸ ਦਰਜ ਕਰ ਲਿਆ ਹੈ। ਚੌਕੀ ਇੰਚਾਰਜ ਮੱਖਣ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।



