ਦਿੱਲੀ ਪੁਲਿਸ ਨੇ ਸੋਨਮ ਵਾਂਗਚੁਕ ਧੱਕੇ ਨਾਲ ਕਰਾਇਆ ਹਸਪਤਾਲ ਦਾਖ਼ਲ! ਜੰਤਰ-ਮੰਤਰ ਤੋਂ ਪ੍ਰਦਰਸ਼ਨਕਾਰੀਆਂ ਨੂੰ ਜਗ੍ਹਾ ਖਾਲੀ ਕਰਨ ਦੀ ਅਪੀਲ
ਨਵੀਂ ਦਿੱਲੀ 18 ਜੁਲਾਈ 2026
ਲੱਦਾਖ ਦੇ ਹੱਕਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਮਸ਼ਹੂਰ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਸ਼ਨਿਚਰਵਾਰ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਉਹ ਆਪਣੀਆਂ ਮੰਗਾਂ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ 21 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸਨ।
ਦਿੱਲੀ ਪੁਲੀਸ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਦੱਸਿਆ ਕਿ ਸੋਨਮ ਵਾਂਗਚੁਕ ਦੀ ਸਿਹਤ ਲਗਾਤਾਰ ਵਿਗੜ ਰਹੀ ਸੀ। ਮਾਹਿਰਾਂ ਦੀ ਡਾਕਟਰੀ ਸਲਾਹ ਅਤੇ ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪੁਲੀਸ ਨੇ ਉਨ੍ਹਾਂ ਨੂੰ ਤੁਰੰਤ ਜ਼ਰੂਰੀ ਡਾਕਟਰੀ ਸਹਾਇਤਾ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ।
ਇਸ ਕਾਰਵਾਈ ਦੌਰਾਨ ਜੰਤਰ-ਮੰਤਰ ‘ਤੇ ਮੌਜੂਦ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਮਾਮੂਲੀ ਤਣਾਅ ਵੀ ਦੇਖਣ ਨੂੰ ਮਿਲਿਆ। ਪੁਲੀਸ ਦਾ ਦੋਸ਼ ਹੈ ਕਿ ਜਦੋਂ ਉਹ ਅਦਾਲਤੀ ਹੁਕਮਾਂ ਦੀ ਪਾਲਣਾ ਕਰ ਰਹੇ ਸਨ, ਤਾਂ ਕੁਝ ਪ੍ਰਦਰਸ਼ਨਕਾਰੀਆਂ ਨੇ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ, ਦਿੱਲੀ ਪੁਲੀਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਪੂਰੀ ਸਥਿਤੀ ਦੌਰਾਨ ਵੱਧ ਤੋਂ ਵੱਧ ਸੰਜਮ ਵਰਤਿਆ ਅਤੇ ਪੂਰੀ ਕਾਰਵਾਈ ਨੂੰ ਸ਼ਾਂਤੀਪੂਰਵਕ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਿਆ।
ਸਥਿਤੀ ਨੂੰ ਦੇਖਦੇ ਹੋਏ, ਪੁਲੀਸ ਨੇ ਜੰਤਰ-ਮੰਤਰ ‘ਤੇ ਡਟੇ ਹੋਏ ਬਾਕੀ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਅੰਦੋਲਨ ਖਤਮ ਕਰ ਦੇਣ। ਪੁਲੀਸ ਨੇ ਕਿਹਾ, “ਅਸੀਂ ਜੰਤਰ-ਮੰਤਰ ‘ਤੇ ਮੌਜੂਦ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਜਲਦੀ ਤੋਂ ਜਲਦੀ ਸ਼ਾਂਤੀਪੂਰਵਕ ਢੰਗ ਨਾਲ ਇਸ ਜਗ੍ਹਾ ਨੂੰ ਖਾਲੀ ਕਰ ਦੇਣ।”
ਸੋਨਮ ਵਾਂਗਚੁਕ ਦੇ ਹਸਪਤਾਲ ਦਾਖ਼ਲ ਹੋਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਫਿਲਹਾਲ, ਹਸਪਤਾਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸਿਹਤ ਬਾਰੇ ਅਗਲੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।



