SIR Update: ਪੰਜਾਬ ਭਰ ਦੇ ਬੂਥਾਂ ‘ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ

Top Trending News ਪੰਜਾਬ

 

SIR Update: ਪੰਜਾਬ ਭਰ ਦੇ ਬੂਥਾਂ ‘ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ

ਚੰਡੀਗੜ੍ਹ 18 ਜੁਲਾਈ 2026

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਫ਼ਸਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਸੂਬੇ ਭਰ ਵਿੱਚ ਚੱਲ ਰਹੀ ਘਰ-ਘਰ ਗਣਨਾ ਪ੍ਰਕਿਰਿਆ ਦੇ ਹਿੱਸੇ ਵਜੋਂ, 19 ਜੁਲਾਈ (ਐਤਵਾਰ) ਨੂੰ ਸਾਰੇ ਪੋਲਿੰਗ ਬੂਥਾਂ ’ਤੇ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਾਇਆ ਜਾਵੇਗਾ। ਇਹ ਕੈਂਪ ਸਵੇਰੇ 8 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਚੱਲੇਗਾ।

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਵੋਟਰ ਅਜੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ ਹਨ, ਉਹ ਇਸ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾ ਕੇ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਇਸ ਕੰਮ ਵਿੱਚ ਸਹਾਇਤਾ ਲਈ ਸਬੰਧਤ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ। ਉਨ੍ਹਾਂ ਦੱਸਿਆ ਕਿ ਘਰ-ਘਰ ਗਣਨਾ ਦਾ ਪੜਾਅ 3 ਅਗਸਤ ਤੱਕ ਜਾਰੀ ਰਹੇਗਾ।

ਚੋਣ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ 13 ਅਗਸਤ ਨੂੰ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਹਰ ਯੋਗ ਵੋਟਰ ਦਾ ਨਾਮ ਸੂਚੀ ਵਿੱਚ ਸ਼ਾਮਲ ਕਰਨਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਮੁੱਖ ਚੋਣ ਅਫ਼ਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਨੂੰ ਸੁਰੱਖਿਅਤ ਬਣਾਉਣ ਲਈ ਸਮੇਂ ਸਿਰ ਫਾਰਮ ਜਮ੍ਹਾਂ ਕਰਵਾਉਣ।

ਜੇਕਰ ਕਿਸੇ ਵੋਟਰ ਨੂੰ ਫਾਰਮ ਭਰਨ ਜਾਂ ਕਿਸੇ ਹੋਰ ਪ੍ਰਕਿਰਿਆ ਵਿੱਚ ਕੋਈ ਦਿੱਕਤ ਆਉਂਦੀ ਹੈ, ਤਾਂ ਉਹ ਆਪਣੇ ਇਲਾਕੇ ਦੇ ਬੀ.ਐੱਲ.ਓ. ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਵੋਟਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵੱਲੋਂ ਹੈਲਪਲਾਈਨ ਨੰਬਰ ਅਤੇ ਆਨਲਾਈਨ ਐਪਸ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ, ਤਾਂ ਜੋ ਪਾਰਦਰਸ਼ੀ ਅਤੇ ਦਰੁਸਤ ਵੋਟਰ ਸੂਚੀਆਂ ਤਿਆਰ ਕੀਤੀਆਂ ਜਾ ਸਕਣ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।