ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਵੱਡੇ ਫ਼ੈਸਲੇ!
ਚੰਡੀਗੜ੍ਹ 21 ਜੁਲਾਈ 2026
ਪੰਜਾਬ ਸਰਕਾਰ ਵਲੋਂ ਸੂਬੇ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਅਹਿਮ ਨੀਤੀਗਤ ਫ਼ੈਸਲੇ ਲੈਣ ਲਈ ਅੱਜ ਯਾਨੀ 21 ਜੁਲਾਈ ਨੂੰ ਮੰਤਰੀ ਮੰਡਲ (ਕੈਬਨਿਟ) ਦੀ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ। ਪ੍ਰਾप्त ਜਾਣਕਾਰੀ ਅਨੁਸਾਰ ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ, ਜਿਸ ਵਿੱਚ ਸਾਰੇ ਕੈਬਨਿਟ ਮੰਤਰੀ ਮੌਜੂਦ ਰਹਿਣਗੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਲੇ ਤੱਕ ਸਰਕਾਰ ਵੱਲੋਂ ਇਸ ਮੀਟਿੰਗ ਦਾ ਅਧਿਕਾਰਤ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ, ਪਰ ਫਿਰ ਵੀ ਇਸ ਬੈਠਕ ਨੂੰ ਲੈ ਕੇ ਕਾਫ਼ੀ ਸਿਆਸੀ ਅਤੇ ਪ੍ਰਸ਼ਾਸਨਿਕ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਵੱਲੋਂ ਸੂਬੇ ਦੇ ਕਈ ਅਹਿਮ ਮੁੱਦਿਆਂ, ਆਉਣ ਵਾਲੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ‘ਤੇ ਡੂੰਘੀ ਚਰਚਾ ਕੀਤੀ ਜਾਵੇਗੀ।
ਇਸ ਤੋਂ ਇਲਾਵਾ, ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਦੇ ਸੰਭਾਵਿਤ ਮਾਨਸੂਨ ਸੈਸ਼ਨ ਦੀ ਰਣਨੀਤੀ ਨੂੰ ਲੈ ਕੇ ਵੀ ਇਸ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਸਰਕਾਰ ਵੱਲੋਂ ਇਸ ਮੀਟਿੰਗ ਦੌਰਾਨ ਕੁਝ ਨਵੀਆਂ ਨੀਤੀਆਂ, ਪ੍ਰਸਤਾਵਾਂ ਅਤੇ ਵੱਖ-ਵੱਖ ਵਿਭਾਗਾਂ ਵਿੱਚ ਨਵੀਆਂ ਭਰਤੀਆਂ ਜਾਂ ਪ੍ਰਸ਼ਾਸਨਿਕ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਪੂਰੀ ਸੰਭਾਵਨਾ ਹੈ। ਦੁਪਹਿਰ ਨੂੰ ਹੋਣ ਵਾਲੀ ਇਸ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਕਈ ਵੱਡੇ ਐਲਾਨ ਕੀਤੇ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ।



