ਅਕਾਲੀ ਦਲ (Akali Dal ਪੁਨਰ ਸੁਰਜੀਤ) ‘ਚ ਫੁੱਟ! ਇਕਬਾਲ ਸਿੰਘ ਝੂੰਦਾ ਸਮੇਤ 15 ਆਗੂਆਂ ਨੇ ‘ਵਾਰਿਸ ਪੰਜਾਬ ਦੇ’ ਨਾਲ ਗੱਠਜੋੜ ਦਾ ਕੀਤਾ ਐਲਾਨ
ਚੰਡੀਗੜ੍ਹ, 21 ਜੁਲਾਈ 2026: ਸ਼੍ਰੋਮਣੀ ਅਕਾਲੀ ਦਲ (Akali Dal ਪੁਨਰ ਸੁਰਜੀਤ) ਵਿੱਚ ਫੁੱਟ ਪੈ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਨੇ ਆਪਣੇ ਨਾਲ 15 ਹੋਰ ਆਗੂਆਂ ਦੇ ਸਮਰਥਨ ਨਾਲ ਵੱਖਰਾ ਧੜਾ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਵਾਂ ਧੜਾ ‘ਵਾਰਿਸ ਪੰਜਾਬ ਦੇ’ ਨਾਲ ਸਿਆਸੀ ਗੱਠਜੋੜ ਕਰੇਗਾ।
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਕਬਾਲ ਸਿੰਘ ਝੂੰਦਾ ਅਤੇ ਉਨ੍ਹਾਂ ਦੇ ਸਾਥੀ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਅਤੇ ਖ਼ਾਲਸਾ ਪੰਥ ਨੂੰ ਇੱਕ ਮਜ਼ਬੂਤ, ਨਿਡਰ ਅਤੇ ਸਮਰਪਿਤ ਅਗਵਾਈ ਦੀ ਲੋੜ ਹੈ।
ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਅੱਜ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਹਾਲਾਤਾਂ ਵਿੱਚ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਥਕ ਅਤੇ ਪੰਜਾਬ ਦੇ ਹਿੱਤਾਂ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ।
ਇਕਬਾਲ ਸਿੰਘ ਝੂੰਦਾ ਨੇ ਦਾਅਵਾ ਕੀਤਾ ਕਿ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਖਿੰਡੀਆਂ ਹੋਈਆਂ ਪੰਥਕ ਤਾਕਤਾਂ ਨੂੰ ਇੱਕ ਮੰਚ ‘ਤੇ ਇਕੱਠਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੱਖਰਾ ਧੜਾ ਬਣਾਉਣ ਅਤੇ ‘ਵਾਰਿਸ ਪੰਜਾਬ ਦੇ’ ਨਾਲ ਗੱਠਜੋੜ ਕਰਨ ਦਾ ਫੈਸਲਾ ਲਿਆ ਹੈ।



