ਵੱਡੀ ਖ਼ਬਰ: ਪੰਜਾਬ ‘ਚ ਤਿੰਨ ਘੰਟੇ ਲਈ ਮੁਫ਼ਤ ਹੋਣਗੇ ਟੌਲ ਪਲਾਜ਼ਾ
ਚੰਡੀਗੜ੍ਹ 22 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪੰਜਾਬ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਇਆ ਜਾਵੇਗਾ। ਜਿਨ੍ਹਾਂ ਇਲਾਕਿਆਂ ਵਿੱਚ ਟੌਲ ਪਲਾਜ਼ਾ ਨਹੀਂ ਹਨ, ਉੱਥੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਆਗੂਆਂ ਦੇ ਘਰਾਂ ਅੱਗੇ ਸ਼ਾਂਤਮਈ ਮੁਜ਼ਾਹਰੇ ਕੀਤੇ ਜਾਣਗੇ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਇਹ ਐਕਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ। ਕਿਸਾਨ ਜਥੇਬੰਦੀਆਂ ਨੂੰ ਡਰ ਹੈ ਕਿ ਅਜਿਹੇ ਸਮਝੌਤਿਆਂ ਦਾ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਅਤੇ ਪੇਂਡੂ ਆਰਥਿਕਤਾ ਉੱਤੇ ਬੁਰਾ ਅਸਰ ਪੈ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕਰਕੇ ਹੀ ਅਜਿਹੇ ਅਹਿਮ ਫ਼ੈਸਲੇ ਲੈਣੇ ਚਾਹੀਦੇ ਹਨ।
ਆਗੂਆਂ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਜਾ ਰਹੇ ਕਿਸਾਨਾਂ ਨੂੰ ਰੋਕੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਗਾਉਣਾ ਅਤੇ ਪੁਲਿਸ ਬਲ ਦੀ ਵਰਤੋਂ ਕਰਨਾ ਤਾਨਾਸ਼ਾਹੀ ਰਵੱਈਆ ਹੈ। ਲੋਕਤੰਤਰ ਵਿੱਚ ਕਿਸੇ ਵੀ ਵਰਗ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦਾ ਸੰਵਿਧਾਨਕ ਹੱਕ ਹੈ, ਪਰ ਦੇਸ਼ ਦੇ ਅੰਨਦਾਤਾ ਨਾਲ ਅਪਰਾਧੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ। ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।



