ਬੇਟ ਖੇਤਰ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਗੂੰਜੀ ਆਵਾਜ਼, ਮੁੱਖ ਮੰਤਰੀ ਤੋਂ ਤੁਰੰਤ ਦਖ਼ਲ ਦੀ ਮੰਗ

Top Trending News ਪੰਜਾਬ
  • ਬੇਟ ਖੇਤਰ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਗੂੰਜੀ ਆਵਾਜ਼, ਮੁੱਖ ਮੰਤਰੀ ਤੋਂ ਤੁਰੰਤ ਦਖ਼ਲ ਦੀ ਮੰਗ

ਮੋਰਿੰਡਾ/ਸ੍ਰੀ ਚਮਕੌਰ ਸਾਹਿਬ 22 ਜੁਲਾਈ (ਭਟੋਆ): ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆ ਨੇ ਬੇਟ ਖੇਤਰ ਦੇ ਪਿੰਡ ਗੋਬਿੰਦਗੜ੍ਹ, ਕੁਲਚੀਆਂ, ਰਸੀਦਪੁਰ ਅਤੇ ਫੱਸਿਆਂ ਵਿੱਚ ਕਥਿਤ ਤੌਰ ‘ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਉਠਾਉਂਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਸੋਸ਼ਲ ਮੀਡੀਆ ‘ਤੇ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਰਾਜਾ ਨਨਹੇੜੀਆ ਨੇ ਦੋਸ਼ ਲਗਾਇਆ ਕਿ ਮਾਈਨਿੰਗ ਮਾਫੀਆ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਬੇਰੋਕ-ਟੋਕ ਨਾਜਾਇਜ਼ ਮਾਈਨਿੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦੀ ਜ਼ਿੰਮੇਵਾਰੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਦੀ ਹੈ, ਉਹੀ ਕਥਿਤ ਤੌਰ ‘ਤੇ ਮਾਈਨਿੰਗ ਮਾਫੀਆ ਦਾ ਸਾਥ ਦੇ ਰਹੇ ਹਨ, ਜਿਸ ਦਾ ਨੁਕਸਾਨ ਸਿੱਧੇ ਤੌਰ ‘ਤੇ ਇਲਾਕੇ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਰਾਜਾ ਨਨਹੇੜੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਬੇਟ ਖੇਤਰ ਵਿੱਚ ਹੋ ਰਹੀ ਕਥਿਤ ਨਾਜਾਇਜ਼ ਮਾਈਨਿੰਗ ‘ਤੇ ਤੁਰੰਤ ਰੋਕ ਲਗਾਈ ਜਾਵੇ, ਤਾਂ ਜੋ ਪਿਛਲੇ ਸਾਲ ਵਾਂਗ ਇਸ ਵਾਰ ਵੀ ਹੜ੍ਹਾਂ ਦੀ ਮਾਰ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਦਰਿਆਈ ਖੇਤਰ ਵਿੱਚ ਬੇਤਹਾਸਾ ਮਾਈਨਿੰਗ ਨਾਲ ਹੜ੍ਹਾਂ ਦਾ ਖ਼ਤਰਾ ਹੋਰ ਵੱਧ ਸਕਦਾ ਹੈ, ਜਿਸ ਕਾਰਨ ਫਸਲਾਂ, ਘਰਾਂ ਅਤੇ ਲੋਕਾਂ ਦੀ ਜਾਨ-ਮਾਲ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਬਣੀ ਰਹਿੰਦੀ ਹੈ।

ਬਸਪਾ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀ ਮਾਈਨਿੰਗ ਮਾਫੀਆ ਅਤੇ ਕਥਿਤ ਤੌਰ ‘ਤੇ ਉਨ੍ਹਾਂ ਦਾ ਸਾਥ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਬੇਟ ਖੇਤਰ ਦੇ ਲੋਕਾਂ ਨੂੰ ਰਾਹਤ ਮਿਲ ਸਕੇ।

ਉਧਰ ਜਦੋਂ ਇਸ ਸਬੰਧੀ ਮਾਈਨਿੰਗ ਵਿਭਾਗ ਦੇ ਐਸਡੀਓ ਸ੍ਰੀ ਨਿਸ਼ਾਨ ਤੇ ਗਰਗ ਨਾਲ ਸੰਪਰਕ ਕੀਤਾ ਗਿਆ ਤਾਂ ਉਨਾ ਦੱਸਿਆ ਕਿ ਪਿੰਡ ਫੱਸਿਆਂ ਵਿੱਚ ਸਰਕਾਰ ਵੱਲੋਂ ਜਮੀਨ ਮਾਲਕਾਂ ਨੂੰ ਆਪੋ ਆਪਣੀ ਜਮੀਨ ਵਿੱਚੋਂ ਡੀਸਿਲਟਿੰਗ ਕਰਵਾਉਣ ਅਤੇ ਰੇਤ ਚੁਕਾਉਣ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਰੱਖੀ ਜਿਸ ਕਾਰਨ ਸਬੰਧਤ ਕਿਸਾਨ ਹੀ ਆਪਣੀ ਜ਼ਮੀਨ ਵਿੱਚੋ ਰੇਤ ਚੁਕਾ ਰਹੇ ਹਨ, ਤਾਂ ਜੋ ਪਹਾੜੀ ਖੇਤਰ ਤੋ ਆਉਣ ਵਾਲਾ ਪਾਣੀ ਬਿਨਾਂ ਕਿਸੇ ਰੁਕਾਵਟ ਦੇ ਧੁੱਸੀ ਬੰਨ ਦੇ ਕੰਢਿਆਂ ਨੂੰ ਕੋਈ ਨੁਕਸਾਨ ਪਹੁਚਾਏ ਬਿਨਾਂ ਅੱਗੇ ਲੰਘ ਸਕੇ ,ਜਦਕਿ ਪਿੰਡ ਗੋਵਿੰਦਗੜ ਦੀ ਮਾਈਨਿੰਗ ਸਾਈਟ ਤੇ ਜੋ ਵੀ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ ਉਸ ਸਬੰਧੀ ਜਿਹੜਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ ਅਤੇ ਗੈਰ ਕਾਨੂੰਨੀ ਮਾਈਨਿੰਗ ਵਿੱਚ ਜੁਟੇ ਮਾਫੀਏ ਖਿਲਾਫ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।