- CJP Protest: ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਦਿਆਰਥੀਆਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ
ਦਲਜੀਤ ਕੌਰ
ਸੰਗਰੂਰ, 24 ਜੁਲਾਈ, 2026 (ਦੇਸ਼ ਕਲਿੱਕ ਬਿਊਰੋ) : ਦਿੱਲੀ ਜੰਤਰ ਮੰਤਰ ਵਿਖੇ ਨੀਟ ਅਤੇ ਹੋਰ ਮਹੱਤਵਪੂਰਨ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਖ਼ਿਲਾਫ਼ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਅਤੇ ਪੇਪਰ ਲੀਕ ਦੀ ਜਾਂਚ ਸੁਪਰੀਮ ਕੋਰਟ ਤੋਂ ਕਰਵਾਉਣ ਦੀ ਮੰਗ ਨੂੰ ਲੈਕੇ ਰੋਸ਼ ਜਾਹਰ ਕਰ ਰਹੇ ਵਿਦਿਆਰਥੀਆਂ ਅਤੇ ਨੌਜ਼ਵਾਨਾਂ ਉੱਪਰ ਦਿੱਲੀ ਪੁਲਿਸ ਵੱਲੋਂ ਕੀਤੇ ਅੱਤਿਆਚਾਰ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਦੇ ਹੱਕ ਵਿੱਚ ਅੱਜ਼ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਇਨਸਾਫ਼ਪਸੰਦ ਲੋਕ ਸਥਾਨਕ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਇਕੱਠੇ ਹੋਏ ਅਤੇ ਉਥੋਂ ਨਾਅਰੇਬਾਜ਼ੀ ਕਰਦਿਆਂ ਰੋਸ਼ ਮੁਜ਼ਾਹਰਾ ਕਰਦੇ ਹੋਏ ਬਰਨਾਲਾ ਕੈਂਚੀਆਂ ਪਹੁੰਚ ਕੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਕੇ ਰੋਸ ਜ਼ਾਹਰ ਕੀਤਾ।
ਇਸ ਮੌਕੇ ਏਟਕ ਦੇ ਸੂਬਾ ਆਗੂ ਸੁਖਦੇਵ ਸ਼ਰਮਾ, ਸੀਟੂ ਦੇ ਜ਼ਿਲ੍ਹਾ ਆਗੂ ਇੰਦਰਪਾਲ ਸਿੰਘ ਪੁੰਨਾਵਾਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਧਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜ਼ਰ ਸਿੰਘ ਪੁੰਨਾਵਾਲ,ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਭੁਟਾਲ, ਅਧਿਆਪਕ ਆਗੂ ਫ਼ਕੀਰ ਚੰਦ, ਸਰਬਜੀਤ ਸਿੰਘ ਵੜੈਚ, ਮੁਲਾਜਮ ਆਗੂ ਸੀਤਾ ਰਾਮ, ਮੇਲਾ ਸਿੰਘ, ਹਰਦੀਪ ਸਿੰਘ ਬਹਾਦਰਪੁਰ ਸਮੇਤ ਵੱਡੀ ਗਿਣਤੀ ਆਗੂ ਅਤੇ ਵਰਕਰ ਹਾਜ਼ਰ ਸਨ।



