- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
- ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਜਾਇਜ਼ ਮੰਗਾਂ ਤੇ ਨਹੀਂ ਦੇ ਰਹੀ ਧਿਆਨ: ਹਰਗੋਬਿੰਦ ਕੌਰ
ਦਲਜੀਤ ਕੌਰ
ਚੰਡੀਗੜ੍ਹ/ਸੰਗਰੂਰ, 24 ਜੁਲਾਈ, 2026: ਪ੍ਰੈਸ ਬਿਆਨ ਜਾਰੀ ਕਰਦੇ ਹੋਏ ਹਰਗੋਬਿੰਦ ਕੌਰ ਸੂਬਾ ਪ੍ਰਧਾਨ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਹੈਲਪਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ ਪ੍ਰੰਤੂ ਪੰਜਾਬ ਦੀ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਤੇ ਕੋਈ ਧਿਆਨ ਨਹੀਂ ਦੇ ਰਹੀ ਜਿਸ ਦੇ ਚਲਦੇ ਆਮ ਆਦਮੀ ਪਾਰਟੀ ਦੇ ਐੱਮਐੱਲਏ ਦੇ ਘਰਾਂ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਉਹਨਾਂ ਨੂੰ ਮੰਗ ਪੱਤਰ ਦਿੱਤੇ ਗਏ, ਪ੍ਰੰਤੂ ਮੰਗ ਪੱਤਰ ਦੇਣ ਦੇ ਬਾਵਜੂਦ ਜਥੇਬੰਦੀ ਦੀ ਕੋਈ ਮੀਟਿੰਗ ਸਰਕਾਰ ਨੇ ਨਹੀਂ ਬੁਲਾਈ ਹੁਣ ਜਥੇਬੰਦੀ ਨੇ ਅਗਲਾ ਪ੍ਰੋਗਰਾਮ ਐਲਾਨ ਕਰਦੇ ਹੋਏ ਦੱਸਿਆ ਹੈ ਕਿ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਉਹਨਾਂ ਦੇ ਘਰਾਂ ਦਾ ਘਰਾਓ ਕੀਤਾ ਜਾਵੇਗਾ। ਜਿਸ ਵਿੱਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਮੈਂਬਰ ਆਂਗਨਵਾੜੀ ਵਰਕਰ ਹੈਲਪਰ ਭਾਗ ਲੈਣਗੀਆਂ ਅਤੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨਗੀਆਂ।
ਉਨਾਂ ਕਿਹਾ ਕਿ ਆਗਣਵਾੜੀ ਵਰਕਰ ਹੈਲਪਰ ਮੰਗ ਕਰ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਆਉਣ ਤੋਂ ਪਹਿਲਾਂ ਉਹਨਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਆਂਗਣਵਾੜੀ ਵਰਕਰ ਹੈਲਪਰ ਦਾ ਮਾਣ ਭੱਤਾ ਦੁਗਣਾ ਕੀਤਾ ਜਾਵੇਗਾ, ਪ੍ਰੰਤੂ ਅੱਜ ਤੱਕ ਆਗਣਵਾੜੀ ਵਰਕਰ ਹੈਲਪਰ ਦਾ ਮਾਣ ਭੱਤਾ ਦੁਗਣਾ ਨਹੀਂ ਕੀਤਾ ਗਿਆ ਆਂਗਣਵਾੜੀ ਕੇਂਦਰਾਂ ਦੇ ਵਿੱਚ ਆ ਰਹੇ ਬੱਚੇ ਪਿਛਲੇ ਅੱਠ ਸਾਲ ਦੇ ਸਮੇਂ ਤੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕੀਤੇ ਜਾ ਚੁੱਕੇ ਹਨ। ਆਂਗਣਵਾੜੀ ਕੇਂਦਰਾਂ ਦੇ ਵਿੱਚ ਕੋਈ ਬੱਚਾ ਨਹੀਂ। ਆਂਗਣਵਾੜੀ ਯੂਨੀਅਨ ਦੀ ਮੰਗ ਹੈ ਕਿ ਬੱਚੇ ਆਂਗਣਵਾੜੀ ਸੈਂਟਰਾਂ ਦੇ ਵਿੱਚ ਵਾਪਸ ਭੇਜੇ ਜਾਣ, ਆਂਗਣਵਾੜੀ ਵਰਕਰ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਵੇ, ਹੈਲਪਰ ਨੂੰ ਚੌਥੇ ਦਰਜੇ ਦਾ ਮੁਲਾਜ਼ਮ ਮੰਨਿਆ ਜਾਵੇ।
ਉਨਾਂ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਦੇ ਵਿੱਚ ਆ ਰਿਹਾ ਰਾਸ਼ਨ ਬੇਹੱਦ ਘਟੀਆ ਕੁਆਲਿਟੀ ਦਾ ਹੈ ਜੋ ਪ੍ਰਾਈਵੇਟ ਕੰਪਨੀਆਂ ਅਤੇ ਪ੍ਰਾਈਵੇਟ ਐੱਨਜੀਓ ਰਾਹੀਂ ਆ ਰਿਹਾ ਹੈ, ਜਥੇਬੰਦੀ ਮੰਗ ਕਰਦੀ ਹੈ ਕਿ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਕੱਚਾ ਦਿੱਤਾ ਜਾਵੇ ਤੇ ਆਂਗਣਵਾੜੀ ਕੇਂਦਰਾਂ ਦੇ ਵਿੱਚ ਤਾਜ਼ਾ ਖਾਣਾ ਬਣਾ ਕੇ ਬੱਚਿਆਂ ਤੇ ਮਾਵਾਂ ਨੂੰ ਦਿੱਤਾ ਜਾਵੇ। ਐੱਨਜੀਓ ਦੇ ਕੋਲ ਚੱਲ ਰਹੇ ਤਿੰਨ ਬਲਾਕ ਬਠਿੰਡਾ ਸਿੱਧਵਾਂ ਬੇਟ ਅਤੇ ਤਰਸਿਕਾ ਨੂੰ ਵਾਪਸ ਲੈਣ ਦਾ ਨੋਟੀਫਿਕੇਸ਼ਨ ਜਾਰੀ ਹੋ ਚੁੱਕਿਆ ਹੈ ਉਸ ਨੂੰ ਲਾਗੂ ਕੀਤਾ ਜਾਵੇ।



