Sonam Wangchuk discharged from hospital! ਸੋਨਮ ਵਾਂਗਚੁਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ!
ਗੁਰੁਗ੍ਰਾਮ, 27 ਜੁਲਾਈ 2026:
Sonam Wangchuk discharged from hospital! ਸਮਾਜਿਕ ਕਾਰਕੁਨ ਅਤੇ ਵਾਤਾਵਰਣ ਪ੍ਰੇਮੀ ਸੋਨਮ ਵਾਂਗਚੁਕ ਨੂੰ ਸੋਮਵਾਰ ਨੂੰ ਗੁਰੁਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲ ਰਹੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਦਿੱਤੀ। ਵਾਂਗਚੁਕ ਨੇ ਕਿਹਾ ਕਿ ਹਸਪਤਾਲ ਤੋਂ ਨਿਕਲਣ ਮਗਰੋਂ ਉਹ ਸਭ ਤੋਂ ਪਹਿਲਾਂ ਦਿੱਲੀ ਦੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਇਸ ਤੋਂ ਬਾਅਦ ਆਪਣੇ ਗ੍ਰਹਿ ਰਾਜ ਲੱਦਾਖ ਲਈ ਰਵਾਨਾ ਹੋਣਗੇ।
ਜ਼ਿਕਰਯੋਗ ਹੈ ਕਿ ਸੋਨਮ ਵਾਂਗਚੁਕ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਦੇ ਸਮਰਥਨ ਵਿੱਚ 26 ਦਿਨਾਂ ਤੱਕ ਭੁੱਖ ਹੜਤਾਲ ਕੀਤੀ ਸੀ। ਲੰਬੇ ਸਮੇਂ ਤੱਕ ਭੋਜਨ ਨਾ ਕਰਨ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ 20 ਜੁਲਾਈ ਨੂੰ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਸਫ਼ਦਰਜੰਗ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਬਾਅਦ ਵਿੱਚ ਉਨ੍ਹਾਂ ਨੂੰ ਵਧੀਆ ਇਲਾਜ ਲਈ ਗੁਰੁਗ੍ਰਾਮ ਦੇ ਮੇਦਾਂਤਾ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਨੇ ਆਪਣੀ ਭੁੱਖ ਹੜਤਾਲ ਖ਼ਤਮ ਕੀਤੀ।
ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਪਹਿਲਾਂ ਜਾਰੀ ਕੀਤੇ ਵੀਡੀਓ ਵਿੱਚ ਵਾਂਗਚੁਕ ਨੇ ਕਿਹਾ, “ਆਖ਼ਿਰਕਾਰ ਉਹ ਦਿਨ ਆ ਗਿਆ ਹੈ ਜਦੋਂ ਮੈਂ ਹਸਪਤਾਲ ਤੋਂ ਘਰ ਵਾਪਸ ਜਾ ਰਿਹਾ ਹਾਂ। ਹੁਣ ਮੈਂ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਮਹਿਸੂਸ ਕਰ ਰਿਹਾ ਹਾਂ। ਹੌਲੀ-ਹੌਲੀ ਭੋਜਨ ਕਰ ਰਿਹਾ ਹਾਂ ਅਤੇ ਸਰੀਰ ਵਿੱਚ ਤਾਕਤ ਵੀ ਵਾਪਸ ਆ ਰਹੀ ਹੈ।”
ਉਨ੍ਹਾਂ ਨੇ ਆਪਣੇ ਅੰਦੋਲਨ ਦੌਰਾਨ ਸਾਥ ਦੇਣ ਵਾਲੇ ਵਿਦਿਆਰਥੀਆਂ, ਸਮਰਥਕਾਂ ਅਤੇ ਦੇਸ਼ ਭਰ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। ਵਾਂਗਚੁਕ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਇਕਜੁੱਟਤਾ ਨੇ ਇਸ ਮੁਹਿੰਮ ਨੂੰ ਕਾਮਯਾਬ ਬਣਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਮੇਦਾਂਤਾ ਹਸਪਤਾਲ ਦੇ ਡਾਕਟਰਾਂ ਅਤੇ ਪੂਰੇ ਮੈਡੀਕਲ ਸਟਾਫ਼ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੀ ਦੇਖਭਾਲ ਅਤੇ ਇਲਾਜ ਸਦਕਾ ਉਹ ਹੁਣ ਸਿਹਤਯਾਬ ਹੋ ਕੇ ਆਪਣੇ ਘਰ ਵਾਪਸ ਪਰਤ ਰਹੇ ਹਨ।



