ਵੱਡੀ ਖ਼ਬਰ: ਪੰਜਾਬ ‘ਚ ਸਫ਼ਾਈ ਕਰਮੀਆਂ ਦੀ ਹੜਤਾਲ ਜਾਰੀ! ਸਰਕਾਰ ਨਾਲ ਸਮਝੌਤੇ ਤੋਂ ਇਨਕਾਰ, 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਕਾਇਮ
ਜਲੰਧਰ 28 ਜੁਲਾਈ 2026
ਪੰਜਾਬ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਅਤੇ ਸਰਕਾਰ ਨਾਲ ਹੋਈਆਂ ਮੀਟਿੰਗਾਂ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਸੋਮਵਾਰ ਦੇਰ ਰਾਤ ਪੰਜਾਬ ਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਦੀ ਅਗਵਾਈ ਹੇਠ ਸਰਕਾਰ ਨਾਲ ਇੱਕ ਅਹਿਮ ਮੀਟਿੰਗ ਹੋਈ।
ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਅਤੇ ਤਨਖਾਹਾਂ ਵਿੱਚ ਦੁਗਣਾ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ, ਚੰਦਨ ਗਰੇਵਾਲ ਨੇ ਬਰਨਾਲਾ ਵਿੱਚ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਅਤੇ ਜਿਸ ਡੀ.ਐੱਸ.ਪੀ. ਦੀ ਮੌਜੂਦਗੀ ਵਿੱਚ ਸ਼ਾਂਤਮਈ ਧਰਨੇ ‘ਤੇ ਲਾਠੀਚਾਰਜ ਹੋਇਆ ਸੀ, ਉਸ ਨੂੰ ਤੁਰੰਤ ਮੁਅੱਤਲ ਕਰਵਾ ਦਿੱਤਾ। ਉਨ੍ਹਾਂ ਹਸਪਤਾਲ ਜਾ ਕੇ ਜ਼ਖਮੀ ਕਰਮਚਾਰੀਆਂ ਦਾ ਹਾਲ-ਚਾਲ ਵੀ ਪੁੱਛਿਆ।
ਪਰ ਇਸ ਮਾਮਲੇ ਵਿੱਚ ਉਸ ਵੇਲੇ ਵੱਡਾ ਮੋੜ ਆ ਗਿਆ, ਜਦੋਂ ਜ਼ਮੀਨੀ ਪੱਧਰ ‘ਤੇ ਸੰਘਰਸ਼ ਲੜ ਰਹੇ ਅਸਲ ਯੂਨੀਅਨ ਆਗੂਆਂ ਨੇ ਇਸ ਸਮਝੌਤੇ ਨੂੰ ਮੰਨਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਸਫਾਈ ਸੇਵਕ ਯੂਨੀਅਨ ਦੇ ਪੰਜਾਬ ਪ੍ਰਧਾਨ ਅਸ਼ੋਕ ਸਰਵਾਨ, ਨਗਰ ਨਿਗਮ ਯੂਨੀਅਨ ਪ੍ਰਧਾਨ ਬੰਟੂ ਸਭਰਵਾਲ ਅਤੇ ਭਗਵਾਨ ਵਾਲਮੀਕਿ ਆਸ਼ਰਮ ਦੇ ਚੇਅਰਮੈਨ ਵਿਪਨ ਸਭਰਵਾਲ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਅਸਲ ਯੂਨੀਅਨ ਆਗੂਆਂ ਨਾਲ ਕੋਈ ਸਿੱਧੀ ਗੱਲਬਾਤ ਨਹੀਂ ਕੀਤੀ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਸਿਰਫ਼ ਆਪਣੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਕਰਮਚਾਰੀਆਂ ਨੂੰ ਸਿਰਫ਼ ‘ਲਾਲੀਪੌਪ’ ਦਿੱਤਾ ਹੈ, ਜਿਸ ਕਰਕੇ ਅਜਿਹੇ ਕਾਗਜ਼ੀ ਦਾਅਵਿਆਂ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।
ਯੂਨੀਅਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਕਰਮਚਾਰੀਆਂ ਦੀਆਂ ਮੰਗਾਂ ਦਾ ਕੋਈ ਠੋਸ ਅਤੇ ਸਥਾਈ ਹੱਲ ਨਹੀਂ ਨਿਕਲਦਾ, ਤਦ ਤੱਕ ਹੜਤਾਲ ਅਤੇ ਸੰਘਰਸ਼ ਪੂਰੇ ਜੋਸ਼ ਨਾਲ ਜਾਰੀ ਰਹੇਗਾ। ਇਸ ਦੇ ਨਾਲ ਹੀ ਆਗੂਆਂ ਨੇ ਆਉਣ ਵਾਲੀ 30 ਤਰੀਕ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਵੀ ਪੂਰੀ ਤਰ੍ਹਾਂ ਕਾਇਮ ਰੱਖਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਅਤੇ ਕਰਮਚਾਰੀਆਂ ਵਿਚਾਲੇ ਟਕਰਾਅ ਹੋਰ ਵਧਣ ਦੇ ਆਸਾਰ ਬਣ ਗਏ ਹਨ।



