Petrol bomb attack on BJP office! ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਹਮਲੇ ਦਾ 24 ਘੰਟਿਆਂ ‘ਚ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ; ਸੋਸ਼ਲ ਮੀਡੀਆ ਰਾਹੀਂ ਰਚੀ ਗਈ ਸੀ ਸਾਜ਼ਿਸ਼
ਚੰਡੀਗੜ੍ਹ, 28 ਜੁਲਾਈ 2026: ਸੰਗਰੂਰ ਪੁਲਿਸ ਨੇ ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਸਥਿਤ ਦਫ਼ਤਰ ‘ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਨੂੰ ਮਹਿਜ਼ 24 ਘੰਟਿਆਂ ਵਿੱਚ ਸੁਲਝਾਉਣ ਦਾ ਦਾਅਵਾ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਸਾਜ਼ਿਸ਼ ਸੋਸ਼ਲ ਮੀਡੀਆ ਰਾਹੀਂ ਰਚੀ ਗਈ ਸੀ ਅਤੇ ਮੁਲਜ਼ਮਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਗਿਆ ਸੀ।
ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ 26 ਜੁਲਾਈ ਦੀ ਰਾਤ ਕਰੀਬ 2:35 ਵਜੇ ਦੋ ਅਣਪਛਾਤੇ ਵਿਅਕਤੀ ਪੈਦਲ ਭਾਜਪਾ ਦਫ਼ਤਰ ਨੇੜੇ ਪਹੁੰਚੇ। ਉਨ੍ਹਾਂ ਨੇ ਬੋਤਲ ਨਾਲ ਬਣਿਆ ਪੈਟਰੋਲ ਬੰਬ ਬਿਲਡਿੰਗ ਵੱਲ ਸੁੱਟਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਅਨੁਸਾਰ ਮੁਲਜ਼ਮਾਂ ਦਾ ਮਕਸਦ ਦਫ਼ਤਰ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਇਲਾਕੇ ਦਾ ਮਾਹੌਲ ਖਰਾਬ ਕਰਨਾ ਸੀ।
ਇਸ ਘਟਨਾ ਤੋਂ ਬਾਅਦ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸਿਟੀ-1 ਵਿੱਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 326(g) ਅਤੇ ਐਕਸਪਲੋਸਿਵ ਸਬਸਟਾਂਸਿਜ਼ ਐਕਟ, 1908 ਤਹਿਤ ਕੇਸ ਦਰਜ ਕੀਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਨੇ ਹਿਊਮਨ ਅਤੇ ਟੈਕਨੀਕਲ ਇੰਟੈਲੀਜੈਂਸ ਦੀ ਮਦਦ ਨਾਲ ਦੋਵੇਂ ਮੁਲਜ਼ਮਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੈਪੀ ਸਿੰਘ ਉਰਫ਼ ਹੈਪੀ ਵਾਸੀ ਭੰਮਾਬੰਦੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਵਾਸੀ ਲਹਿਰਾ ਵਜੋਂ ਹੋਈ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸੋਸ਼ਲ ਮੀਡੀਆ ਰਾਹੀਂ ‘ਰਾਣਾ ਭਾਈ’ ਨਾਮਕ ਵਿਅਕਤੀ ਦੇ ਸੰਪਰਕ ਵਿੱਚ ਆਏ ਸਨ। ਉਸ ਨੇ ਵਾਰਦਾਤ ਨੂੰ ਅੰਜਾਮ ਦੇਣ ਅਤੇ ਇਸ ਦੀ ਵੀਡੀਓ ਬਣਾ ਕੇ ਭੇਜਣ ਦੇ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਸੀ।
ਇਸ ਸਾਜ਼ਿਸ਼ ਤਹਿਤ ਮੁਲਜ਼ਮਾਂ ਨੂੰ ਪਹਿਲਾਂ ਹੀ 1,200 ਅਤੇ 1,000 ਰੁਪਏ ਦੀਆਂ ਦੋ ਟਰਾਂਜ਼ੈਕਸ਼ਨਾਂ ਰਾਹੀਂ ਕੁੱਲ 2,200 ਰੁਪਏ ਭੇਜੇ ਗਏ ਸਨ। ਪੁਲਿਸ ਹੁਣ ‘ਰਾਣਾ ਭਾਈ’ ਦੇ ਸੋਸ਼ਲ ਮੀਡੀਆ ਅਕਾਊਂਟ ਅਤੇ ਵਰਤੀਆਂ ਗਈਆਂ UPI ਆਈਡੀਜ਼ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਅਹਿਮ ਖੁਲਾਸਿਆਂ ਦੀ ਸੰਭਾਵਨਾ ਜਤਾਈ ਗਈ ਹੈ।



