ਵੱਡੀ ਖ਼ਬਰ: ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਅਕਾਲੀ ਦਲ ਵਾਰਸ ਪੰਜਾਬ’ ਦਾ ਜ਼ਬਰਦਸਤ ਪ੍ਰਦਰਸ਼ਨ, ਬੈਰੀਕੇਡ ਤੋੜੇ; ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ, 29 ਜੁਲਾਈ 2026: ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕਰ ਰਹੇ ਅਕਾਲੀ ਦਲ ਵਾਰਸ ਪੰਜਾਬ ਦੇ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਸਮਰਥਕਾਂ ਨੂੰ ਬੁੱਧਵਾਰ ਨੂੰ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਪਹਿਲਾਂ ਤਿੱਖੀ ਬਹਿਸ ਹੋਈ, ਜੋ ਕੁਝ ਸਮੇਂ ਬਾਅਦ ਧੱਕਾ-ਮੁੱਕੀ ਵਿੱਚ ਬਦਲ ਗਈ।
ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ਵੱਲੋਂ ਲਗਾਏ ਬੈਰੀਕੇਡ ਤੋੜ ਦਿੱਤੇ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਵਾਟਰ ਕੈਨਨ ਰਾਹੀਂ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਭੀੜ ਨੂੰ ਪਿੱਛੇ ਧੱਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹਲਕਾ ਲਾਠੀਚਾਰਜ ਕੀਤੇ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ। ਇਸ ਦੇ ਬਾਵਜੂਦ ਕਈ ਪ੍ਰਦਰਸ਼ਨਕਾਰੀ ਬੈਰੀਕੇਡ ਪਾਰ ਕਰਕੇ ਚੰਡੀਗੜ੍ਹ ਵੱਲ ਅੱਗੇ ਵਧ ਗਏ।
ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਪੰਜਾਬ ਸਮੇਤ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਰਿਹਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਵੀ ਮੰਗ ਕੀਤੀ, ਜੋ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਦੱਸਿਆ ਜਾ ਰਿਹਾ ਹੈ ਕਿ ਵਾਰਸ ਪੰਜਾਬ ਦੇ ਵੱਲੋਂ ਪਹਿਲਾਂ ਹੀ ਇਸ ਰੋਸ ਮਾਰਚ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦੇ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਸਮਰਥਕ ਅਤੇ ਸਿੱਖ ਜਥੇਬੰਦੀਆਂ ਮੋਹਾਲੀ ਪਹੁੰਚੀਆਂ। ਜਿਵੇਂ ਹੀ ਉਨ੍ਹਾਂ ਨੇ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ, ਪੁਲਿਸ ਨੇ ਮੋਹਾਲੀ-ਚੰਡੀਗੜ੍ਹ ਸਰਹੱਦ ‘ਤੇ ਭਾਰੀ ਸੁਰੱਖਿਆ ਪ੍ਰਬੰਧਾਂ ਨਾਲ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ।
ਫਿਲਹਾਲ ਮੌਕੇ ‘ਤੇ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ ਅਤੇ ਪੁਲਿਸ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ, ਜਦਕਿ ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹਿ ਰਹੇ ਹਨ।



