ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ!
ਫ਼ਿਰੋਜ਼ਪੁਰ, 30 ਜੁਲਾਈ 2026
ਜ਼ਿਲ੍ਹੇ ਦੇ ਸਰਹੱਦੀ ਪਿੰਡ ਧੀਰਾ ਪੱਤਰਾ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਅਤੇ ਆਪਣੇ ਸੁਨਹਿਰੀ ਭਵਿੱਖ ਦੀ ਆਸ ਨਾਲ ਕੁਝ ਸਮਾਂ ਪਹਿਲਾਂ ਕੈਨੇਡਾ ਗਏ 21 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਭੁੱਲਰ ਦੀ ਉੱਥੇ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਇਸ ਦੁਖਦਾਈ ਘਟਨਾ ਬਾਰੇ ਪਤਾ ਲੱਗਦਿਆਂ ਹੀ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਜੋਬਨਪ੍ਰੀਤ ਸਿੰਘ ਆਪਣੇ ਪਰਿਵਾਰ ਦਾ ਸਹਾਰਾ ਬਣਨ ਅਤੇ ਚੰਗੇ ਭਵਿੱਖ ਦਾ ਸੁਪਨਾ ਲੈ ਕੇ ਵਿਦੇਸ਼ ਗਿਆ ਸੀ। ਪਰਿਵਾਰ ਨੂੰ ਕੀ ਪਤਾ ਸੀ ਕਿ ਉਨ੍ਹਾਂ ਦਾ ਜਵਾਨ ਪੁੱਤਰ ਕਦੇ ਵੀ ਜਿਉਂਦਾ ਵਾਪਸ ਨਹੀਂ ਪਰਤੇਗਾ। ਘਰ ਵਿੱਚ ਇਕੋ-ਇਕ ਪੁੱਤਰ ਦੀ ਅਚਾਨਕ ਮੌਤ ਦੀ ਖ਼ਬਰ ਸੁਣਦਿਆਂ ਹੀ ਮਾਂ-ਬਾਪ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਦੇ ਲੋਕਾਂ ਅਤੇ ਰਿਸ਼ਤੇਦਾਰਾਂ ਵੱਲੋਂ ਲਗਾਤਾਰ ਪੀੜਤ ਪਰਿਵਾਰ ਨਾਲ ਦੁکھ ਸਾਂਝਾ ਕਰਨ ਲਈ ਪਹੁੰਚਿਆ ਜਾ ਰਿਹਾ ਹੈ।
ਜੋਬਨਪ੍ਰੀਤ ਸਿੰਘ ਦੀ ਮੌਤ ਕਿਨ੍ਹਾਂ ਹਾਲਾਤਾਂ ਵਿੱਚ ਹੋਈ ਹੈ, ਇਸ ਬਾਰੇ ਫਿਲਹਾਲ ਕੋਈ ਵੀ ਅਧਿਕਾਰਤ ਅਤੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕੈਨੇਡਾ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਪੜਤਾਲ ਕਰ ਰਹੀ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।
ਦੁਖੀ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਦਖ਼ਲਅੰਦਾਜ਼ੀ ਕੀਤੀ ਜਾਵੇ। ਪਰਿਵਾਰ ਨੇ ਮੰਗ ਕੀਤੀ ਹੈ ਕਿ ਕੈਨੇਡਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਜੋਬਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਉਸਦੇ ਜੱਦੀ ਪਿੰਡ ਧੀਰਾ ਪੱਤਰਾ ਲਿਆਂਦਾ ਜਾਵੇ, ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ ਅੰਤਮ ਸੰਸਕਾਰ ਆਪਣੇ ਹੱਥੀਂ ਕਰ ਸਕੇ। ਇਸ ਤੋਂ ਇਲਾਵਾ, ਪਰਿਵਾਰ ਨੇ ਇਹ ਵੀ ਮੰਗ ਕੀਤੀ ਹੈ ਕਿ ਨੌਜਵਾਨ ਦੀ ਮੌਤ ਦੀ ਪੂਰੀ ਸੱਚਾਈ ਜਲਦੀ ਤੋਂ ਜਲਦੀ ਜਨਤਕ ਕੀਤੀ ਜਾਵੇ।



