ਦੁਬਈ ‘ਚ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, 24 ਦਿਨਾਂ ਬਾਅਦ ਪਿੰਡ ਪਹੁੰਚੀ ਦੇਹ
ਚੰਡੀਗੜ੍ਹ, 30 ਜੁਲਾਈ 2026- ਫਰੀਦਕੋਟ ਜ਼ਿਲ੍ਹੇ ਦੇ ਪਿੰਡ ਭਾਗਥਲਾ ਖੁਰਦ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਅਤੇ ਬਿਹਤਰ ਭਵਿੱਖ ਦੀ ਆਸ ਨਾਲ ਕਰਜ਼ਾ ਲੈ ਕੇ 1 ਜੁਲਾਈ ਨੂੰ ਰੋਜ਼ਗਾਰ ਲਈ ਦੁਬਈ ਗਿਆ ਸੀ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉੱਥੇ ਪਹੁੰਚਣ ਤੋਂ ਸਿਰਫ਼ ਦੋ ਦਿਨ ਬਾਅਦ, 3 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਹ ਦੁਖਦਾਈ ਖ਼ਬਰ ਮਿਲਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਗੁਰਪ੍ਰੀਤ ਦੀ ਮੌਤ ਤੋਂ ਬਾਅਦ ਪਰਿਵਾਰ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਉਸ ਦੀ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਸੀ। ਆਰਥਿਕ ਤੰਗੀ ਕਾਰਨ ਪਰਿਵਾਰ ਇਸ ਦਾ ਖਰਚਾ ਝੱਲਣ ਦੇ ਯੋਗ ਨਹੀਂ ਸੀ। ਅਜਿਹੇ ਔਖੇ ਸਮੇਂ ਵਿੱਚ ਪਰਿਵਾਰ ਨੇ ਸਮਾਜ ਸੇਵਕ ਐਸਪੀ ਸਿੰਘ ਓਬਰਾਏ ਵੱਲੋਂ ਚਲਾਏ ਜਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨਾਲ ਸੰਪਰਕ ਕੀਤਾ।
ਟਰੱਸਟ ਨੇ ਤੁਰੰਤ ਕਾਰਵਾਈ ਕਰਦਿਆਂ ਸਾਰੇ ਲੋੜੀਂਦੇ ਦਸਤਾਵੇਜ਼ ਤਿਆਰ ਕਰਵਾਏ ਅਤੇ ਵਿਦੇਸ਼ ਤੋਂ ਦੇਹ ਭਾਰਤ ਲਿਆਉਣ ਦੀ ਪ੍ਰਕਿਰਿਆ ਪੂਰੀ ਕੀਤੀ। ਲਗਭਗ 24 ਦਿਨਾਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਮੰਗਲਵਾਰ ਸ਼ਾਮ ਗੁਰਪ੍ਰੀਤ ਸਿੰਘ ਦੀ ਦੇਹ ਉਸ ਦੇ ਜੱਦੀ ਪਿੰਡ ਭਾਗਥਲਾ ਖੁਰਦ ਪਹੁੰਚੀ। ਦੇਹ ਦੇ ਪਿੰਡ ਪਹੁੰਚਣ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।
ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਨੇ ਟਰੱਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਘੜੀ ਵਿੱਚ ਸੰਸਥਾ ਨੇ ਉਨ੍ਹਾਂ ਦਾ ਵੱਡਾ ਸਹਾਰਾ ਬਣ ਕੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ ਹੈ। ਗੁਰਪ੍ਰੀਤ ਆਪਣੇ ਪਿੱਛੇ ਪਤਨੀ ਅਤੇ ਡੇਢ ਸਾਲ ਦੇ ਮਾਸੂਮ ਬੱਚੇ ਨੂੰ ਛੱਡ ਗਿਆ ਹੈ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਭਰਪੂਰ ਸਿੰਘ ਨੇ ਦੱਸਿਆ ਕਿ ਵਿਦੇਸ਼ ਤੋਂ ਮ੍ਰਿਤਕ ਦੇਹ ਭਾਰਤ ਲਿਆਉਣਾ ਬਹੁਤ ਹੀ ਔਖਾ ਅਤੇ ਮਹਿੰਗਾ ਕੰਮ ਹੁੰਦਾ ਹੈ, ਪਰ ਟਰੱਸਟ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਦਾ ਰਹੇਗਾ।



