ਪੰਜਾਬ ‘ਚ ਨੈਸ਼ਨਲ ਹਾਈਵੇ ‘ਤੇ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਤ

Top Trending News ਪੰਜਾਬ

 

ਪੰਜਾਬ ‘ਚ ਨੈਸ਼ਨਲ ਹਾਈਵੇ ‘ਤੇ ਭਿਆਨਕ ਸੜਕ ਹਾਦਸਾ, ਨੌਜਵਾਨ ਦੀ ਮੌਤ

ਗੁਰਦਾਸਪੁਰ 31 ਜੁਲਾਈ 2026

ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਿੰਡ ਮਾਨ ਕੌਰ ਸਿੰਘ ਨੇੜੇ ਐਚ.ਆਰ.ਏ. ਸਕੂਲ ਦੇ ਬਾਹਰ ਸ਼ੁੱਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇਲੈਕਟ੍ਰਿਕ ਸਕੂਟਰੀ ਸਵਾਰ 30 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਵੀ ਕੁਮਾਰ ਵਾਸੀ ਬਾਰਠ ਵਾਲੀ ਗਲੀ, ਗੁਰਦਾਸਪੁਰ ਵਜੋਂ ਹੋਈ ਹੈ। ਉਹ ਪਿੰਡ ਧਾਰੋਚੱਕ ਵਿਖੇ ਕਰਿਆਨੇ ਦੀ ਦੁਕਾਨ ਚਲਾਉਂਦਾ ਸੀ।

ਮਿਲੀ ਜਾਣਕਾਰੀ ਅਨੁਸਾਰ ਰਵੀ ਕੁਮਾਰ ਆਪਣੀ ਇਲੈਕਟ੍ਰਿਕ ਸਕੂਟਰੀ ‘ਤੇ ਕਿਸੇ ਨਿੱਜੀ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ ਪਠਾਨਕੋਟ ਵੱਲੋਂ ਆ ਰਹੀ ਇੱਕ ਐਕਸਯੂਵੀ ਕਾਰ ਨਾਲ ਉਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇਲੈਕਟ੍ਰਿਕ ਸਕੂਟਰੀ ਦੇ ਪਰਖੱਚੇ ਉੱਡ ਗਏ, ਜਦਕਿ ਐਕਸਯੂਵੀ ਕਾਰ ਦਾ ਅਗਲਾ ਹਿੱਸਾ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਰਵੀ ਕੁਮਾਰ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐੱਫ.) ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਟੀਮ ਵੱਲੋਂ ਟ੍ਰੈਫਿਕ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਅਗਲੀ ਕਾਰਵਾਈ ਲਈ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ।

ਸੜਕ ਸੁਰੱਖਿਆ ਫੋਰਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਪੁਲਸ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਦੁਖਦਾਈ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਸਥਾਨਕ ਲੋਕਾਂ ਨੇ ਸੜਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਅਤੇ ਹਾਦਸਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।