ਫਾਰਮੇਸੀ ਪੇਪਰ ਲੀਕ ਮਾਮਲੇ ‘ਚ ਪੰਜਾਬ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ, ਮੈਡੀਕਲ ਸੁਪਰਡੈਂਟ ਨੂੰ ਹਟਾਇਆ
ਫ਼ਰੀਦਕੋਟ, 31 ਜੁਲਾਈ 2026
ਫ਼ਰੀਦਕੋਟ ਵਿੱਚ ਹਾਲ ਹੀ ਵਿੱਚ ਹੋਈ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੌਰਾਨ ਸਾਹਮਣੇ ਆਏ ਪੇਪਰ ਲੀਕ ਅਤੇ ਨਕਲ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ।
ਇਸ ਤੋਂ ਪਹਿਲਾਂ ਸਰਕਾਰ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਦੀ ਵੀ ਬਦਲੀ ਕੀਤੀ ਗਈ ਸੀ। ਹੁਣ ਡਾ. ਨੀਤੂ ਕੁੱਕੜ ਨੂੰ ਹਟਾਉਣ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਸਰਕਾਰ ਪੇਪਰ ਲੀਕ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿੰਮੇਵਾਰੀਆਂ ਦੀ ਸਮੀਖਿਆ ਕਰ ਰਹੀ ਹੈ ਅਤੇ ਪ੍ਰਸ਼ਾਸਨਿਕ ਢਾਂਚੇ ਵਿੱਚ ਲਗਾਤਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਡਾ. ਨੀਤੂ ਕੁੱਕੜ ਮੈਡੀਕਲ ਸੁਪਰਡੈਂਟ ਦੇ ਅਹੁਦੇ ਦੇ ਨਾਲ-ਨਾਲ ਯੂਨੀਵਰਸਿਟੀ ਹਸਪਤਾਲ ਦੇ ਕਈ ਹੋਰ ਮਹੱਤਵਪੂਰਨ ਪ੍ਰਸ਼ਾਸਨਿਕ ਅਹੁਦਿਆਂ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਸਨ। ਸਰਕਾਰ ਦੇ ਤਾਜ਼ਾ ਹੁਕਮਾਂ ਤੋਂ ਬਾਅਦ ਡਾ. ਅਮਰਵੀਰ ਸਿੰਘ ਬੌਪਰਾਏ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾ ਨਵਾਂ ਮੈਡੀਕਲ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ।
ਡਾ. ਅਮਰਵੀਰ ਸਿੰਘ ਬੌਪਰਾਏ ਚਮੜੀ ਰੋਗਾਂ ਦੇ ਮਾਹਿਰ ਡਾਕਟਰ ਹਨ ਅਤੇ ਉਹ ਪਹਿਲਾਂ ਤੋਂ ਹੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਨਿਯੁਕਤੀ ਦੇ ਤੁਰੰਤ ਬਾਅਦ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਦਿਆਂ ਕੰਮਕਾਜ ਸ਼ੁਰੂ ਕਰ ਦਿੱਤਾ ਹੈ।
ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਨਾਲ ਜੁੜੇ ਵਿਵਾਦ ਤੋਂ ਬਾਅਦ ਹੋ ਰਹੀਆਂ ਲਗਾਤਾਰ ਪ੍ਰਸ਼ਾਸਨਿਕ ਤਬਦੀਲੀਆਂ ਨੂੰ ਸਰਕਾਰ ਦੀ ਸਖ਼ਤ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਅਗਲੇ ਦਿਨਾਂ ਦੌਰਾਨ ਹੋਰ ਪ੍ਰਸ਼ਾਸਨਿਕ ਫ਼ੈਸਲੇ ਵੀ ਸਾਹਮਣੇ ਆ ਸਕਦੇ ਹਨ। ਫ਼ਿਲਹਾਲ ਇਸ ਕਾਰਵਾਈ ਨੇ ਸਿਹਤ ਅਤੇ ਸਿੱਖਿਆ ਪ੍ਰਸ਼ਾਸਨ ਵਿੱਚ ਹਲਚਲ ਮਚਾ ਦਿੱਤੀ ਹੈ।



