Punjab News: ਸੁਨਾਮ ਧਰਨਾ ਦੇਣ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ
ਸੁਨਾਮ, 31 ਜੁਲਾਈ 2026- ਕੰਪਿਊਟਰ ਟੀਚਰ ਯੂਨੀਅਨ ਪੰਜਾਬ ਨੇ ਦੋਸ਼ ਲਗਾਇਆ ਹੈ ਕਿ ਅੱਜ ਸੁਨਾਮ ਵਿਖੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਕੀਤੇ ਜਾਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਤੋਂ ਘਬਰਾ ਕੇ ਪੰਜਾਬ ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਹੈ।
ਯੂਨੀਅਨ ਅਨੁਸਾਰ ਅੱਜ ਸਵੇਰੇ ਕਰੀਬ 5 ਵਜੇ ਪਟਿਆਲਾ ਪੁਲਿਸ ਵੱਲੋਂ ਸੂਬਾ ਆਗੂ ਪਰਮਵੀਰ ਸਿੰਘ ਅਤੇ ਬਠਿੰਡਾ ਪੁਲਿਸ ਵੱਲੋਂ ਸੂਬਾ ਆਗੂ ਜੋਨੀ ਗਰਗ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਯੂਨੀਅਨ ਦੇ ਕਈ ਹੋਰ ਸੂਬਾ ਆਗੂਆਂ ਨੂੰ ਵੀ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਤਾਂ ਜੋ ਸੁਨਾਮ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਨੂੰ ਅਸਫਲ ਬਣਾਇਆ ਜਾ ਸਕੇ।
ਯੂਨੀਅਨ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਉਧਮ ਸਿੰਘ, ਬਠਿੰਡਾ ਤੋਂ ਜੋਨੀ ਸਿੰਘਲਾ, ਗੁਰਦਾਸਪੁਰ ਤੋਂ ਗੁਰਪਿੰਦਰ ਸਿੰਘ, ਤਰਨ ਤਾਰਨ ਤੋਂ ਗੁਰਵਿੰਦਰ ਸਿੰਘ ਸਮੇਤ ਕਈ ਆਗੂਆਂ ਨੂੰ ਪੁਲਿਸ ਵੱਲੋਂ ਘਰਾਂ ਵਿੱਚ ਹੀ ਰੋਕ ਦਿੱਤਾ ਗਿਆ।
ਯੂਨੀਅਨ ਨੇ ਕਿਹਾ ਕਿ ਸ਼ਹੀਦੀ ਦਿਹਾੜੇ ਮੌਕੇ ਸਰਕਾਰ ਦਾ ਇਹ ਰਵੱਈਆ ਲੋਕਤੰਤਰ ਅਤੇ ਸੰਵਿਧਾਨਕ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ। ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਦੀ ਵਰਤੋਂ ਕਰਨਾ ਸਰਕਾਰ ਦੀ ਤਾਨਾਸ਼ਾਹੀ ਸੋਚ ਨੂੰ ਬੇਨਕਾਬ ਕਰਦਾ ਹੈ।
ਕੰਪਿਊਟਰ ਟੀਚਰ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਅਜਿਹੀਆਂ ਦਮਨਕਾਰੀ ਕਾਰਵਾਈਆਂ ਨਾਲ ਅਧਿਆਪਕਾਂ ਦੀ ਲੜਾਈ ਨੂੰ ਦਬਾਇਆ ਨਹੀਂ ਜਾ ਸਕਦਾ। ਯੂਨੀਅਨ ਆਪਣੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਪਹਿਲਾਂ ਨਾਲੋਂ ਹੋਰ ਮਜ਼ਬੂਤੀ ਨਾਲ ਜਾਰੀ ਰੱਖੇਗੀ ਅਤੇ ਸਰਕਾਰ ਨੂੰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ।



