JK ‘ਚ ਕੁਦਰਤ ਦਾ ਕਹਿਰ: ਬੱਦਲ ਫਟਣ ਕਾਰਨ ਭਾਰੀ ਤਬਾਹੀ, ਵਾਹਨ ਰੁੜ੍ਹੇ, ਜਾਇਦਾਦ ਨੂੰ ਭਾਰੀ ਨੁਕਸਾਨ
ਜੰਮੂ-ਕਸ਼ਮੀਰ, 1 ਅਗਸਤ 2026- ਜੰਮੂ-ਕਸ਼ਮੀਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦਰਮਿਆਨ ਕਿਸ਼ਤਵਾੜ ਅਤੇ ਸ਼ੋਪੀਆਂ ਜ਼ਿਲ੍ਹਿਆਂ ਵਿੱਚ ਬੱਦਲ ਫਟਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਕਿਸ਼ਤਵਾੜ ਜ਼ਿਲ੍ਹੇ ਦੇ ਚਤਰੂ ਇਲਾਕੇ ਵਿੱਚ ਸ਼ੁੱਕਰਵਾਰ ਦੇਰ ਰਾਤ ਕਰੀਬ 2:30 ਵਜੇ ਬੱਦਲ ਫਟਿਆ। ਇਸ ਤੋਂ ਬਾਅਦ ਪਾਣੀ ਦਾ ਵਹਾਅ ਬੇਹੱਦ ਤੇਜ਼ ਹੋ ਗਿਆ, ਜਿਸ ਕਾਰਨ ਕਈ ਵਾਹਨ ਪਾਣੀ ਵਿੱਚ ਰੁੜ੍ਹ ਗਏ। ਇਲਾਕੇ ਵਿੱਚ ਮੌਜੂਦ ਘਰਾਂ ਅਤੇ ਹੋਰ ਜਾਇਦਾਦ ਨੂੰ ਵੀ ਕਾਫ਼ੀ ਨੁਕਸਾਨ ਪਹੁੰਚਿਆ ਹੈ। ਸਥਾਨਕ ਲੋਕਾਂ ਵਿੱਚ ਇਸ ਘਟਨਾ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ।
ਉੱਧਰ, ਸ਼ੋਪੀਆਂ ਜ਼ਿਲ੍ਹੇ ਵਿੱਚ ਵੀ ਬੱਦਲ ਫਟਣ ਦੀ ਘਟਨਾ ਕਾਰਨ ਹੇਠਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ। ਪ੍ਰਸ਼ਾਸਨ ਅਤੇ ਰਾਹਤ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਨੁਕਸਾਨ ਦਾ ਅੰਦਾਜ਼ਾ ਲਗਾਉਣ ਦਾ ਕੰਮ ਜਾਰੀ ਹੈ।
ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਵੱਡੇ ਪੱਧਰ ‘ਤੇ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਦਰਿਆਵਾਂ, ਨਾਲਿਆਂ ਅਤੇ ਪਹਾੜੀ ਇਲਾਕਿਆਂ ਤੋਂ ਦੂਰ ਰਹਿਣ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ, ਜਦਕਿ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।



