ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਸਕੂਲ ਫੀਸ ਵਾਧੇ ‘ਤੇ 5 ਫੀਸਦੀ ਦੀ ਸੀਮਾ ਵਾਲਾ ਬਿੱਲ ਹੋਵੇਗਾ ਪੇਸ਼
ਚੰਡੀਗੜ੍ਹ, 2 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਨਿੱਜੀ ਸਕੂਲਾਂ ਦੀ ਫੀਸ ਵਿੱਚ ਹੋਣ ਵਾਲੇ ਵਾਧੇ ਨੂੰ ਨਿਯਮਤ ਕਰਨ ਲਈ ਮਹੱਤਵਪੂਰਨ ਕਾਨੂੰਨੀ ਕਦਮ ਚੁੱਕਣ ਜਾ ਰਹੀ ਹੈ। 3 ਅਗਸਤ, ਸੋਮਵਾਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਹੀ ਦਿਨ ‘ਪੰਜਾਬ ਰੈਗੂਲੇਸ਼ਨ ਆਫ ਫੀ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ’ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਪ੍ਰਸਤਾਵਿਤ ਬਿੱਲ ਅਨੁਸਾਰ, ਸੂਬੇ ਦੇ ਗੈਰ-ਸਹਾਇਤਾ ਪ੍ਰਾਪਤ (ਪ੍ਰਾਈਵੇਟ) ਸਕੂਲ ਹਰ ਸਾਲ ਫੀਸ ਵਿੱਚ ਵੱਧ ਤੋਂ ਵੱਧ 5 ਫੀਸਦੀ ਤੱਕ ਹੀ ਵਾਧਾ ਕਰ ਸਕਣਗੇ। ਸਰਕਾਰ ਦਾ ਕਹਿਣਾ ਹੈ ਕਿ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਪੰਜਾਬ ਭਰ ਦੇ ਨਿੱਜੀ ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ।
ਇਹ ਬਿੱਲ 13 ਜੁਲਾਈ ਨੂੰ ਜਾਰੀ ਕੀਤੇ ਗਏ ਆਰਡੀਨੈਂਸ ਦੀ ਥਾਂ ਲਵੇਗਾ, ਜੋ ਇਸ ਵੇਲੇ ਸੂਬੇ ਵਿੱਚ ਲਾਗੂ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਕਾਨੂੰਨ ਦਾ ਮੁੱਖ ਉਦੇਸ਼ ਨਿੱਜੀ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਕੀਤੇ ਜਾਣ ਵਾਲੇ ਫੀਸ ਵਾਧੇ ‘ਤੇ ਰੋਕ ਲਗਾਉਣਾ ਅਤੇ ਮਾਪਿਆਂ ਨੂੰ ਆਰਥਿਕ ਰਾਹਤ ਪ੍ਰਦਾਨ ਕਰਨਾ ਹੈ।
ਸਰਕਾਰੀ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਮਹੱਤਵਪੂਰਨ ਸਾਬਤ ਹੋਵੇਗਾ। ਮੰਨਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਵਿੱਚ ਬਿੱਲ ਪਾਸ ਹੋਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ, ਜਿਸ ਨਾਲ ਨਿੱਜੀ ਸਕੂਲਾਂ ਦੀ ਫੀਸ ਨਿਰਧਾਰਨ ਪ੍ਰਕਿਰਿਆ ‘ਤੇ ਸਪੱਸ਼ਟ ਨਿਯਮ ਲਾਗੂ ਹੋਣਗੇ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਨੂੰ ਹੋਰ ਮਜ਼ਬੂਤੀ ਮਿਲੇਗੀ।



