ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ, ਸਾਬਕਾ ਉਮੀਦਵਾਰ ਪਲਵਿੰਦਰ ਕੌਰ ਕਾਂਗਰਸ ‘ਚ ਸ਼ਾਮਲ
ਚੰਡੀਗੜ੍ਹ, 2 ਅਗਸਤ 2026-ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੁਣ ਕਰੀਬ ਸੱਤ ਮਹੀਨੇ ਦਾ ਸਮਾਂ ਬਾਕੀ ਹੈ ਅਤੇ ਇਸ ਤੋਂ ਪਹਿਲਾਂ ਹੀ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਇੱਕ ਪਾਸੇ ਕਾਂਗਰਸ ਪਾਰਟੀ ਦੇ ਅੰਦਰ ਧੜੇਬੰਦੀ ਦੀਆਂ ਚਰਚਾਵਾਂ ਜਾਰੀ ਹਨ, ਦੂਜੇ ਪਾਸੇ ਪਾਰਟੀ ਨੇ ਵਿਰੋਧੀਆਂ ਨੂੰ ਝਟਕਾ ਦੇਣ ਦੀ ਕੋਸ਼ਿਸ਼ ਵੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਸ਼ੁਤਰਾਣਾ ਹਲਕੇ ਵਿੱਚ ਵੱਡਾ ਸਿਆਸੀ ਝਟਕਾ ਲੱਗਿਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਨ ਸਭਾ ਉਮੀਦਵਾਰ ਬੀਬੀ ਪਲਵਿੰਦਰ ਕੌਰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਬੀਬੀ ਪਲਵਿੰਦਰ ਕੌਰ ਦਾ ਕਾਂਗਰਸ ਪਰਿਵਾਰ ਵਿੱਚ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਲਈ ਅਹਿਮ ਸਿਆਸੀ ਮਜ਼ਬੂਤੀ ਕਰਾਰ ਦਿੱਤਾ।
ਰਾਜਾ ਵੜਿੰਗ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਬੀਬੀ ਪਲਵਿੰਦਰ ਕੌਰ ਨੇ ਸ਼ੁਤਰਾਣਾ ਹਲਕੇ ਤੋਂ 32,037 ਵੋਟਾਂ ਹਾਸਲ ਕੀਤੀਆਂ ਸਨ। ਉਨ੍ਹਾਂ ਦਾ ਕਾਂਗਰਸ ਨਾਲ ਜੁੜਨਾ ਨਾ ਸਿਰਫ਼ ਸ਼ੁਤਰਾਣਾ ਹਲਕੇ ਵਿੱਚ, ਸਗੋਂ ਸਮੁੱਚੇ ਇਲਾਕੇ ਵਿੱਚ ਕਾਂਗਰਸ ਦੀ ਸਿਆਸੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਬੀਬੀ ਪਲਵਿੰਦਰ ਕੌਰ ਜਿਸ ਸੋਚ ਅਤੇ ਵਿਸ਼ਵਾਸ ਨਾਲ ਕਾਂਗਰਸ ਵਿੱਚ ਸ਼ਾਮਲ ਹੋਏ ਹਨ, ਪਾਰਟੀ ਉਸ ਭਰੋਸੇ ਨੂੰ ਕਾਇਮ ਰੱਖੇਗੀ ਅਤੇ ਉਨ੍ਹਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਸਿਆਸੀ ਤਬਦੀਲੀ ਨੂੰ ਸ਼ੁਤਰਾਣਾ ਹਲਕੇ ਦੀ ਰਾਜਨੀਤੀ ਵਿੱਚ ਇੱਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।



