ਪੰਜਾਬ ‘ਚ ਮੁੱਖ ਮੰਤਰੀ ਅਤੇ ਮੰਤਰੀਆਂ ਦੀ ਚੋਣ ਹਾਈਕਮਾਂਡ ਕਰੇਗੀ! ਭੂਪੇਸ਼ ਬਘੇਲ ਦਾ ਦਾਅਵਾ, 2027 ‘ਚ ਬਣੇਗੀ ਕਾਂਗਰਸ ਦੀ ਸਰਕਾਰ
ਚੰਡੀਗੜ੍ਹ 3 ਅਗਸਤ 2026
ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਦੀ ਚੋਣ ਹਾਈਕਮਾਂਡ ਵੱਲੋਂ ਕੀਤੀ ਜਾਵੇਗੀ। ਇਸ ਫੈਸਲੇ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਰਹਿਣਗੇ।
ਪੰਜਾਬ ਭਰ ਵਿੱਚ ਆਯੋਜਿਤ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਭੂਪੇਸ਼ ਬਘੇਲ ਨੇ ਆਖਿਆ ਕਿ ਸਾਰੇ ਆਗੂਆਂ ਅਤੇ ਵਰਕਰਾਂ ਦਾ ਮੁੱਖ ਫਰਜ਼ ਪਾਰਟੀ ਦੀ ਜਿੱਤ ਯਕੀਨੀ ਬਣਾਉਣਾ ਹੈ, ਕਿਉਂਕਿ ਪੰਜਾਬ ਨੂੰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਚਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ। ਪਾਰਟੀ ਵਿੱਚ ਏਕਤਾ ਦੀ ਜ਼ੋਰਦਾਰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਵਾਂਗ ਪਾਰਟੀ ਵਿੱਚ ਵੀ ਛੋਟੇ-ਮੋਟੇ ਮਤਭੇਦ ਹੋ ਸਕਦੇ ਹਨ, ਪਰ ਸਾਡੀ ਅਸਲ ਲੜਾਈ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ਵਿੱਚ ਪਹਿਲੀ ਵਾਰ ਪੰਜ-ਕੋਣੀ ਮੁਕਾਬਲਾ ਦੇਖਣ ਨੂੰ ਮਿਲੇਗਾ, ਜਿਸ ਵਿੱਚ ਵੱਖ-ਵੱਖ ਧੜੇ ਮੈਦਾਨ ਵਿੱਚ ਨਿੱਤਰਨਗੇ। ਬਘੇਲ ਨੇ ਵਰਕਰਾਂ ਨੂੰ ਭ੍ਰਿਸ਼ਟ ਅਤੇ ਨਾਕਾਬਿਲ ਸੂਬਾ ਸਰਕਾਰ ਦੇ ਨਾਲ-ਨਾਲ ਫਾਸ਼ੀਵਾਦੀ ਭਾਜਪਾ ਖ਼ਿਲਾਫ਼ ਡਟਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਤੋਂ ਪਹਿਲਾਂ ਵੀ ਹੋ ਸਕਦੀਆਂ ਹਨ ਅਤੇ ਜੇ ਨਿਰਧਾਰਿਤ ਸਮੇਂ ਮੁਤਾਬਕ ਫਰਵਰੀ ਵਿੱਚ ਵੀ ਹੁੰਦੀਆਂ ਹਨ, ਤਾਂ ਵੀ ਹੁਣ ਜ਼ਿਆਦਾ ਸਮਾਂ ਨਹੀਂ ਬਚਿਆ।
ਇਸੇ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਉਹ 2027 ਵਿੱਚ ਕਾਂਗਰਸ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਸਹੁੰ ਚੁੱਕਦੇ ਦੇਖਣਾ ਚਾਹੁੰਦੇ ਹਨ, ਜਦਕਿ ਉਹ ਖ਼ੁਦ ਆਮ ਦਰਸ਼ਕਾਂ ਵਿੱਚ ਬੈਠ ਕੇ ਇਸ ਖ਼ਾਸ ਪਲ ਦਾ ਆਨੰਦ ਮਾਣਨਗੇ।



