Punjab News: ਧਮਕੀਆਂ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ!

Top Trending News ਪੰਜਾਬ

 

Punjab News: ਧਮਕੀਆਂ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ!

ਮੋਹਾਲੀ, 4 ਅਗਸਤ 2026 –

ਲਾਲੜੂ ਨੇੜਲੇ ਪਿੰਡ ਬੜਾਣਾ ਵਿੱਚ ਇੱਕ 55 ਸਾਲਾ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਜੱਸੂ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ, ਜਦਕਿ ਪਰਿਵਾਰ ਨੇ ਇਸ ਮਾਮਲੇ ਵਿੱਚ ਕੁਝ ਨਿਹੰਗਾਂ ਅਤੇ ਇੱਕ ਪਾਠੀ ਉੱਤੇ ਗੰਭੀਰ ਦੋਸ਼ ਲਗਾਏ ਹਨ।

ਮ੍ਰਿਤਕ ਦੇ ਪੁੱਤਰ ਤਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ਗੁਰਦੁਆਰੇ ਦੇ ਇੱਕ ਪਾਠੀ ਵੱਲੋਂ ਕਥਿਤ ਤੌਰ ’ਤੇ ਕੁਝ ਨਿਹੰਗਾਂ ਨੂੰ ਬੁਲਾ ਕੇ ਧਮਕੀਆਂ ਦਿਵਾਈਆਂ ਗਈਆਂ ਸਨ। ਪਰਿਵਾਰ ਦਾ ਦਾਅਵਾ ਹੈ ਕਿ ਇਨ੍ਹਾਂ ਧਮਕੀਆਂ ਕਾਰਨ ਜਸਵਿੰਦਰ ਸਿੰਘ ਮਾਨਸਿਕ ਤੌਰ ’ਤੇ ਬਹੁਤ ਪ੍ਰੇਸ਼ਾਨ ਸਨ ਅਤੇ ਇਸੇ ਦਬਾਅ ਦੇ ਚਲਦਿਆਂ ਉਨ੍ਹਾਂ ਨੇ ਇਹ ਸਖ਼ਤ ਕਦਮ ਚੁੱਕਿਆ।

ਤਲਵਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਸੋਮਵਾਰ ਸਵੇਰੇ ਹੀ ਇਸ ਸਬੰਧੀ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਅਤੇ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਸ਼ਿਕਾਇਤ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਕੇਸ ਦਰਜ ਨਹੀਂ ਕੀਤਾ ਗਿਆ, ਜਿਸ ਕਾਰਨ ਪਰਿਵਾਰ ਅਤੇ ਪਿੰਡ ਦੀ ਪੰਚਾਇਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਅਤੇ ਗਹਿਰਾਈ ਨਾਲ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਜੇਕਰ ਕਿਸੇ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਉੱਧਰ, ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਿਲੀ ਸ਼ਿਕਾਇਤ ਅਤੇ ਮੌਤ ਦੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਨਤੀਜਿਆਂ ਅਤੇ ਉਪਲਬਧ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਵੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ।