ਜੇ ਹਾਈਕਮਾਂਡ ਕਹੇ ਤਾਂ ਮੈਂ ਅੱਜ ਹੀ ਅਸਤੀਫਾ ਦੇ ਦਿਆਂ: ਰਾਜਾ ਵੜਿੰਗ

Top Trending News ਪੰਜਾਬ

 

ਜੇ ਹਾਈਕਮਾਂਡ ਕਹੇ ਤਾਂ ਮੈਂ ਅੱਜ ਹੀ ਅਸਤੀਫਾ ਦੇ ਦਿਆਂ: ਰਾਜਾ ਵੜਿੰਗ

ਚੰਡੀਗੜ੍ਹ, 4 ਅਗਸਤ 2026

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਦੁਹਰਾਉਂਦਿਆਂ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਬਹੁਤ ਕੁਝ ਦਿੱਤਾ ਹੈ ਅਤੇ ਹੁਣ ਉਨ੍ਹਾਂ ਦੀ ਕੋਈ ਨਿੱਜੀ ਇੱਛਾ ਬਾਕੀ ਨਹੀਂ ਰਹੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਦਿੱਲੀ ਵਿੱਚ ਕਿਲ੍ਹੇ ਵਰਗਾ ਸਰਕਾਰੀ ਘਰ ਦਿੱਤਾ ਹੈ ਅਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਆਂਢ ਵਿੱਚ ਰਹਿੰਦੇ ਹਨ।

ਰਾਜਾ ਵੜਿੰਗ ਨੇ ਕਿਹਾ, “ਜੇ ਪਾਰਟੀ ਹਾਈ ਕਮਾਂਡ ਮੈਨੂੰ ਅੱਜ ਹੀ ਅਸਤੀਫਾ ਦੇਣ ਲਈ ਕਹੇ ਤਾਂ ਮੈਂ ਬਿਨਾਂ ਕਿਸੇ ਹਿਚਕਚਾਹਟ ਦੇ ਅਸਤੀਫਾ ਦੇ ਦਿਆਂਗਾ। ਪਰ ਮੈਂ ਜ਼ਿੰਦਗੀ ਵਿੱਚ ਕਦੇ ਵੀ ਕਾਂਗਰਸ ਦਾ ਸਾਥ ਨਹੀਂ ਛੱਡਾਂਗਾ।” ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਅਹੁਦੇ ਤੋਂ ਵੱਧ ਪਾਰਟੀ ਦੀ ਵਿਚਾਰਧਾਰਾ ਅਤੇ ਸੰਗਠਨ ਮਹੱਤਵਪੂਰਨ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ ਅਤੇ ਹਰ ਜ਼ਿੰਮੇਵਾਰੀ ਨਿਭਾਉਣ ਦਾ ਮੌਕਾ ਦਿੱਤਾ ਹੈ। ਇਸ ਲਈ ਉਹ ਪਾਰਟੀ ਦੇ ਹਰ ਫ਼ੈਸਲੇ ਦਾ ਸਨਮਾਨ ਕਰਦੇ ਹਨ ਅਤੇ ਭਵਿੱਖ ਵਿੱਚ ਵੀ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਉਸ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।

ਰਾਜਾ ਵੜਿੰਗ ਦੇ ਇਸ ਬਿਆਨ ਨੂੰ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀਆਂ ਸਿਆਸੀ ਚਰਚਾਵਾਂ ਦੇ ਸੰਦਰਭ ਵਿੱਚ ਵੀ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਬਿਆਨ ਨਾਲ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਉਹ ਪਾਰਟੀ ਲੀਡਰਸ਼ਿਪ ਦੇ ਫ਼ੈਸਲਿਆਂ ਨਾਲ ਪੂਰੀ ਤਰ੍ਹਾਂ ਖੜ੍ਹੇ ਹਨ ਅਤੇ ਕਿਸੇ ਵੀ ਸਥਿਤੀ ਵਿੱਚ ਕਾਂਗਰਸ ਨਹੀਂ ਛੱਡਣਗੇ।

ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਲਈ ਅਹੁਦਾ ਨਹੀਂ, ਸਗੋਂ ਕਾਂਗਰਸ ਨਾਲ ਜੁੜਾਅ ਅਤੇ ਪਾਰਟੀ ਦੀ ਸੇਵਾ ਸਭ ਤੋਂ ਵੱਡੀ ਤਰਜੀਹ ਹੈ।