ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ: ਪ੍ਰਾਈਵੇਟ ਸਕੂਲਾਂ ਤੋਂ 3 ਸਾਲ ਦੀ ਫੀਸ ਵਸੂਲੀ ‘ਤੇ ਲੱਗੀ ਰੋਕ

Top Trending News ਪੰਜਾਬ
  • ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਝਟਕਾ: ਪ੍ਰਾਈਵੇਟ ਸਕੂਲਾਂ ਤੋਂ 3 ਸਾਲ ਦੀ ਫੀਸ ਵਸੂਲੀ ‘ਤੇ ਲੱਗੀ ਰੋਕ

ਚੰਡੀਗੜ੍ਹ, 4 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੂੰ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੂਬਾ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਮਾਪਿਆਂ ਨੂੰ 5 ਪ੍ਰਤੀਸ਼ਤ ਤੋਂ ਵੱਧ ਵਧਾਈ ਗਈ ਫੀਸ ਵਾਪਸ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲ ਹੀ ਵਿੱਚ ਜਾਰੀ ਕੀਤੇ ਸਰਕਾਰੀ ਆਰਡੀਨੈਂਸ ਅਤੇ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੰਦਿਆਂ ਪ੍ਰਾਈਵੇਟ ਸਕੂਲ ਸੰਚਾਲਕ ਹਾਈ ਕੋਰਟ ਪਹੁੰਚੇ ਸਨ।

ਸਰਕਾਰ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਕਿਹਾ ਸੀ ਕਿ ਜਿਨ੍ਹਾਂ ਪ੍ਰਾਈਵੇਟ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ 5 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਹਨਾਂ ਨੂੰ ਵਾਧੂ ਵਸੂਲੀ ਗਈ ਰਕਮ ਮਾਪਿਆਂ ਨੂੰ ਵਾਪਸ ਕਰਨੀ ਹੋਵੇਗੀ। ਇਸ ਫੈਸਲੇ ਨੂੰ ਲੈ ਕੇ ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਪ੍ਰਾਈਵੇਟ ਸਕੂਲ ਸੰਚਾਲਕਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਵਿਰੁੱਧ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਪਟੀਸ਼ਨ ਦਾਇਰ ਕਰਨ ਵਾਲੇ ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਯੂਕੇ ਦਾ ਦਾਅਵਾ ਹੈ ਕਿ ਅਦਾਲਤ ਨੇ ਸਰਕਾਰੀ ਹੁਕਮ ‘ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਅਦਾਲਤ ਦੇ ਹੁਕਮ ਦੀ ਕਾਪੀ ਹਾਲੇ ਅਪਲੋਡ ਨਹੀਂ ਹੋਈ ਅਤੇ ਇਸ ਦੇ ਸ਼ਾਮ ਤੱਕ ਜਾਰੀ ਹੋਣ ਦੀ ਉਮੀਦ ਹੈ। ਮਾਮਲੇ ਦੀ ਅਗਲੀ ਸੁਣਵਾਈ ਹਾਈ ਕੋਰਟ ਵਿੱਚ ਹੋਵੇਗੀ ਅਤੇ ਅਦਾਲਤ ਦਾ ਅੰਤਿਮ ਫੈਸਲਾ ਸਾਰੇ ਸੰਬੰਧਤ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੋਵੇਗਾ। ਫਿਲਹਾਲ ਇਹ ਰਾਹਤ ਅੰਤਰਿਮ ਹੈ ਅਤੇ ਮਾਮਲੇ ਦਾ ਅੰਤਿਮ ਨਿਪਟਾਰਾ ਅਦਾਲਤ ਦੇ ਅਗਲੇ ਹੁਕਮਾਂ ਤੋਂ ਬਾਅਦ ਹੀ ਹੋਵੇਗਾ।