ਪਟਿਆਲਾ ‘ਚ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਗੱਡੀ ਪਲਟੀ: 21 ਜ਼ਖ਼ਮੀ, 6 ਸਾਲਾ ਬੱਚੀ ਦੀ ਮੌਤ

Top Trending News ਪੰਜਾਬ
  • ਪਟਿਆਲਾ ‘ਚ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਗੱਡੀ ਪਲਟੀ: 21 ਜ਼ਖ਼ਮੀ, 6 ਸਾਲਾ ਬੱਚੀ ਦੀ ਮੌਤ

ਪਟਿਆਲਾ 5 ਅਗਸਤ (ਦੇਸ਼ ਕਲਿੱਕ ਬਿਊਰੋ): ਭਾਦਾਸੋਂ ਰੋਡ ‘ਤੇ ਬੁੱਧਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਧਾਰਮਿਕ ਸਥਾਨ ‘ਤੇ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਮਹਿੰਦਰਾ ਪਿਕਅੱਪ ਗੱਡੀ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ ਦੋ ਦਰਜਨ ਤੋਂ ਵੱਧ ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ 6 ਸਾਲਾ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ।

ਮੁੱਢਲੀ ਜਾਣਕਾਰੀ ਅਨੁਸਾਰ, ਪਿੰਡ ਰਾਮਗੜ੍ਹ ਸਰਦਾਰਾਂ ਤੋਂ ਦੋ ਦਰਜਨ ਤੋਂ ਵੱਧ ਸ਼ਰਧਾਲੂ ਪਟਿਆਲਾ ਦੇ ਆਲੋਵਾਲ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਦੇ ਜਨਮ ਅਸਥਾਨ ਵੱਲ ਜਾ ਰਹੇ ਸਨ। ਜਦੋਂ ਗੱਡੀ ਭਾਦਾਸੋਂ ਨੇੜੇ ਪਹੁੰਚੀ ਤਾਂ ਕਥਿਤ ਤੌਰ ‘ਤੇ ਤੇਜ਼ ਰਫ਼ਤਾਰ ਅਤੇ ਵਾਹਨ ਵਿੱਚ ਸਵਾਰ ਲੋਕਾਂ ਦੀ ਵੱਧ ਗਿਣਤੀ ਕਾਰਨ ਡਰਾਈਵਰ ਸੰਤੁਲਨ ਗੁਆ ਬੈਠਾ ਅਤੇ ਪਿਕਅੱਪ ਸੜਕ ‘ਤੇ ਪਲਟ ਗਈ।

ਹਾਦਸੇ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ। ਸਥਾਨਕ ਲੋਕਾਂ ਅਤੇ ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਕੁੱਲ 21 ਜ਼ਖ਼ਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਇੱਕ 6 ਸਾਲਾ ਬੱਚੀ ਨੇ ਦਮ ਤੋੜ ਦਿੱਤਾ।

ਡਾਕਟਰਾਂ ਦੇ ਅਨੁਸਾਰ, ਕੁਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਸਹੀ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।